ਬਰਨਾਲਾ, 6 ਅਗਸਤ: ਸੂਬੇ ‘ਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ 73ਵਾਂ ਵਨਮਹੋਤਸਵ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਅਤੇ ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਅਤੇ ਮਹਿਲ ਕਲਾਂ ਸਤਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਏ।
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਨਾਲਾ ‘ਚ 5 ਲੱਖ ਬੂਟੇ ਇਸ ਸਾਲ ਲਗਾਏ ਜਾਣਗੇ ਤਾਂ ਜੋ ਵਾਤਾਵਰਣ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹਰਿਆਲੀ ਵਧਾਉਣ ਲਈ ਵਚਨਬੱਧ ਹੈ ਜਿਸ ਤਹਿਤ ਢੁੱਕਵੀਆਂ ਥਾਵਾਂ ਉੱਤੇ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਨਾਲ ਹੀ ਉਨ੍ਹਾਂ ਦੀ ਸੰਭਾਲ ਵੀ ਕਰਨ। ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ ਨੇ ਕਿਹਾ ਕਿ ਪੌਦੇ ਲਗਾ ਕੇ ਅਸੀਂ ਨਾ ਸਿਰਫ ਆਪਣਾ ਅੱਜ ਸੰਵਾਰ ਰਹੇ ਹਨ ਬਲਕਿ ਆਉਣ ਵਾਲਿਆਂ ਪੀੜ੍ਹੀਆਂ ਲਈ ਵੀ ਚੰਗੀ ਸੇਧ ਛੱਡ ਰਹੇ ਹਾਂ।