ਲੁਧਿਆਣਾ, 11 ਸਤੰਬਰ
ਪੰਜਾਬ ਦੇ ਖੇਤੀਬਾਡ਼ੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹਰ ਹੀਲੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਦ੍ਰਿਡ਼ ਵਚਨਬੱਧਤਾ ਨੂੰ ਦੁਹਰਾਇਆ।
ਉਨ੍ਹਾਂ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਲੀਹੋਂ ਲਾਹੁਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 0ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੀਆਂ ਤਾਕਤਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਜਿਹੀਆਂ ਤਾਕਤਾਂ ਨੂੰ ਮੂੰਹ ਤੋਡ਼ਵਾਂ ਜਵਾਬ ਦੇਣ ਲਈ ਹੱਥ ਮਿਲਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਵਿਦੇਸ਼ਾਂ ਵਿੱਚ ਬੈਠੇ ਕੁਝ ਲੋਕ ਸੂਬੇ ਵਿੱਚ ਕਾਲੇ ਦਿਨ ਵਾਪਸ ਲਿਆਉਣ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।
ਇਸ ਮੌਕੇ ’ਤੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਹਰਦੀਪ ਸਿੰਘ ਮੁੰਡੀਆਂ, ਪੰਜਾਬ ਰਾਜ ਸਹਿਕਾਰੀ ਖੇਤੀਬਾਡ਼ੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਆਪ ਦੇ ਜ਼ਿਲ੍ਹਾ ਇੰਚਾਰਜ ਸ਼ਰਨਪਾਲ ਸਿੰਘ ਮੱਕਡ਼, ਸੇਵਾਮੁਕਤ ਡੀ.ਜੀ.ਪੀ. ਡੀ ਆਰ ਭੱਟੀ ਅਤੇ ਹੋਰ ਵੀ ਮੌਜੂਦ ਸਨ।