ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੱਲੋਂ ਸਾਲ 2015 ਵਿੱਚ ਡੇਰਾ ਮੁਖੀ ਨੂੰ ਮੁਆਫੀ ਦੇਣ ਵਾਲੇ ਪੱਤਰ ’ਤੇ ਦਸਤਖਤ ਕੀਤੇ ਗਏ ਸਨ, ਨੂੰ ਤਨਖਾਹ ਲਗਾਈ ਗਈ ਹੈ।
ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ 11 ਦਿਨ ਇੱਕ ਘੰਟਾ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਕਰਨਗੇ। ਇੱਕ ਘੰਟਾ ਜੋੜੇ ਸਾਫ਼ ਕਰਨ ਦੀ ਵੀ ਸੇਵਾ ਲਗਾਈ ਗਈ ਹੈ। ਇਸ ਦੇ ਨਾਲ ਹੀ 11 ਦਿਨ ਰੋਜ਼ਾਨਾ 2 ਜਪੁਜੀ ਸਾਹਿਬ ਦੇ ਪਾਠ, ਤ੍ਵ ਪ੍ਰਸਾਦਿ ਸਵਯੇ ਤੇ 1 ਆਸਾ ਕੀ ਵਾਰ ਦਾ ਪਾਠ ਵੀ ਕਰਨਗੇ। 11 ਦਿਨ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ 1100 ਰੁਪਏ ਦੀ ਦੇਗ ਕਰਵਾਉਣ ਦੇ ਆਦੇਸ਼ ਜਾਰੀ ਕੀਤਾ ਗਿਆ ਹੈ।