ਪੰਜਾਬ ਦੇ ਬਠਿੰਡਾ ‘ਚ ਸਵਾਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ। ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜਾਣਕਾਰੀ ਮੁਤਾਬਕ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਸਿੱਧੀ ਗੰਦੇ ਨਾਲੇ ‘ਚ ਜਾ ਡਿੱਗੀ, ਜਿਸ ਤੋਂ ਬਾਅਦ ਇਹ ਦਰਦਨਾਕ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਬੱਸ ‘ਚ ਕਰੀਬ 50 ਯਾਤਰੀ ਸਵਾਰ ਸਨ।
ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਸਿੱਧੀ ਹੇਠਾਂ ਗੰਦੇ ਨਾਲੇ ਵਿੱਚ ਜਾ ਡਿੱਗੀ। ਪ੍ਰਸ਼ਾਸਨ ਅਤੇ ਸਥਾਨਕ ਲੋਕ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢ ਰਹੇ ਹਨ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਬੱਸ ਵਿੱਚ 50 ਦੇ ਕਰੀਬ ਸਵਾਰੀਆਂ ਸਨ।
ਬਚਾਅ ਕਾਰਜ ਜਾਰੀ
ਇੱਕ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਬਠਿੰਡਾ-ਸ਼ਾਰਦੂਲਗੜ੍ਹ ਲੋਕਲ ਰੂਟ ’ਤੇ ਚੱਲ ਰਹੀ ਸੀ। ਜ਼ਖਮੀਆਂ ਨੂੰ ਬੱਸ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਹੈ। ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਹ ਹਾਦਸਾ ਕਿਵੇਂ ਵਾਪਰਿਆ ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਬਠਿੰਡਾ ਦੇ ਐਸਐਸਪੀ ਅਵਨੀਤ ਕੋਂਡਲ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਐਸਐਸਪੀ ਅਵਨੀਤ ਕੋਂਡਲ ਨੇ ਦੱਸਿਆ ਕਿ ਥਾਣਾ ਤਲਵੰਡੀ ਸਾਬੋ ਦੇ ਐਸ.ਐਚ.ਓ.ਮੌਕੇ ’ਤੇ ਪੁੱਜੇ।
24 ਯਾਤਰੀਆਂ ਦੀ ਹਾਲਤ ਨਾਜ਼ੁਕ
ਸ਼ੱਕ ਹੈ ਕਿ ਮੀਂਹ ਪੈ ਰਿਹਾ ਸੀ ਅਤੇ ਸ਼ਾਇਦ ਬੱਸ ਦੀ ਰਫ਼ਤਾਰ ਬਹੁਤ ਤੇਜ਼ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਹਾਲਾਂਕਿ ਇਹ ਹਾਦਸਾ ਕਿਵੇਂ ਹੋਇਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। 24 ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
‘ਆਪ’ ਵਿਧਾਇਕਾ ਬਲਵਿੰਦਰ ਕੌਰ ਨੇ ਹਾਦਸੇ ‘ਤੇ ਦੁੱਖ ਦਾ ਕੀਤਾ ਪ੍ਰਗਟਾਵਾ
ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮੰਦਭਾਗੀ ਘਟਨਾ ਬਾਰੇ ਸੁਣ ਕੇ ਸਦਮੇ ਵਿੱਚ ਹਨ। ਬਲਜਿੰਦਰ ਕੌਰ ਨੇ ਦੱਸਿਆ ਕਿ ਮੇਰੀ ਡੀਸੀ ਸ਼ੌਕਤ ਅਹਿਮਦ ਪਰੇ ਨਾਲ ਫੋਨ ’ਤੇ ਗੱਲਬਾਤ ਹੋਈ ਹੈ। ਲਗਭਗ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਹ ਹਾਦਸਾ ਕਿਵੇਂ ਵਾਪਰਿਆ? ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।