ਬਠਿੰਡਾ ‘ਚ ਬਾਈਕ ਸਵਾਰ ਨੌਜਵਾਨਾਂ ਨੇ ਬੱਸ ਨੂੰ ਰਸਤਾ ਨਾ ਦੇਣ ਤੋਂ ਪਰੇਸ਼ਾਨ ਹੋ ਕੇ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਪੀ.ਆਰ.ਟੀ.ਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਆਪਣੇ ਸਾਥੀਆਂ ਨੂੰ ਮੌਕੇ ‘ਤੇ ਬੁਲਾ ਕੇ ਰਾਮਪੁਰਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਜਾਮ ਲਗਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੀ ਪੀਆਰਟੀਸੀ ਦੀ ਬੱਸ ਨੂੰ ਰਸਤਾ ਨਾ ਦੇਣ ਕਾਰਨ ਬੱਸ ਚਾਲਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਰਾਮਪੁਰਾ ਫੂਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਰਾਮਪੁਰਾ ਫੁੱਲ ਟੀ ਪੁਆਇੰਟ ਨੇੜੇ ਲੋਕਾਂ ਅਤੇ ਪੀਆਰਟੀਸੀ ਬੱਸ ਦੇ ਮੁਲਾਜ਼ਮਾਂ ਨੇ ਸੜਕ ਜਾਮ ਕਰ ਦਿੱਤੀ। ਲੋਕਾਂ ਨੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਰਾਮਪੁਰਾ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਜਿਸ ਤੋਂ ਬਾਅਦ ਜਾਮ ਖੁਲ੍ਹਵਾਇਆ ਗਿਆ। ਪੁਲਸ ਨੇ ਜ਼ਖਮੀ ਬੱਸ ਚਾਲਕ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।