ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੀਤੀ ਸ਼ਰਧਾਂਜਲੀ ਭੇਟ
ਪਾਇਲ, (ਲੁਧਿਆਣਾ), 05 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਸ਼ੁਕਰਵਾਰ ਨੂੰ ਪਿੰਡ ਰੱਬੋਂ ਉੱਚੀ ਵਿਖੇ ਮਹਾਨ ਸਿੱਖ ਕ੍ਰਾਂਤੀਕਾਰੀ ਅਤੇ ਆਜ਼ਾਦੀ ਘੁਲਾਟੀਏ ਬਾਬਾ ਮਹਾਰਾਜ ਸਿੰਘ ਜੀ ਨੂੰ ਉਹਨਾਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਵਿਸ਼ੇਸ਼ ਤੌਰ ਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ, ਪਾਇਲ, (ਲੁਧਿਆਣਾ) ਵਿਖੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨਾਲ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਉਪ ਮੰਡਲ ਮੈਜਿਸਟਰੇਟ ਪਾਇਲ ਚਰਨਜੀਤ ਸਿੰਘ, ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ ਅਤੇ ਲੋਕਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਦੁਆਰਾ ਦਰਸਾਏ ਰਸਤੇ ‘ਤੇ ਚੱਲਣ ਦਾ ਸੱਦਾ ਦਿੱਤਾ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਦੱਸਿਆ ਕਿ ਬਾਬਾ ਮਹਾਰਾਜ ਸਿੰਘ ਜੀ ਮਹਾਨ ਦੇਸ਼ ਭਗਤ ਸਨ, ਜਿਨ੍ਹਾਂ ਨੇ ਦੇਸ਼ ਦੀ ਅਜ਼ਾਦੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ 1857 ਦੇ ਵਿਦ੍ਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰੰਗ ਦੀ ਸੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ ਕੀਤੀ ਸੀ। ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ ਜਿੱਥੇ ਬਾਬਾ ਮਹਾਰਾਜ ਸਿੰਘ ਕਈ ਤੰਗੀਆਂ ਨਾਲ ਜੂਝਦੇ ਹੋਏ 05 ਜੁਲਾਈ, 1856 ਨੂੰ ਸ਼ਹੀਦ ਹੋ ਗਏ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇਂ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਸ਼ਹੀਦੀ ਸਥਾਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਪਾਇਲ ਹਲਕੇ ਦੇ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡ ਰੱਬੋਂ ਉੱਚੀ ਦੇ ਵਿਕਾਸ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਰੱਖਦਿਆਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਸਿਲੇਬਸ ਸਕੂਲਾਂ ਦੀਆਂ ਕਿਤਾਬਾਂ ਵਿਚ ਹੋਣਾ ਚਾਹੀਦਾ ਹੈ। ਇਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਸਿਲੇਬਸ ਪੜਾਉਣ ਲਈ ਸਿੱਖਿਆ ਮੰਤਰੀ ਪੰਜਾਬ ਨਾਲ ਗੱਲਬਾਤ ਕਰਨਗੇ।
ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਹੀਦ ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਨਾਮ ਸਿਮਰਨ ਦੇ ਆਸਰੇ ਉਨਾਂ ਕਾਲ ਕੋਠੜੀ ਵਿੱਚ 6 ਸਾਲ ਕੱਟੇ ਜਿਥੇ ਉਹਨਾਂ ਦੀਆਂ ਅੱਖਾਂ ਦੀ ਰੋਸ਼ਨੀ ਜਾਂਦੀ ਰਹੀ ਅਤੇ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਗਏ ਪਰੰਤੂ ਰੂਹਾਨੀ ਸ਼ਕਤੀ ਆਸਰੇ ਹਮੇਸ਼ਾ ਚੜਦੀ ਕਲਾ ‘ਚ ਰਹੇ। ਅੰਗਰੇਜ਼ਾਂ ਦੀ ਈਨ ਨਾ ਮੰਨੀ ਅਤੇ 5 ਜੁਲਾਈ, 1856 ਨੂੰ ਸਿੰਘਾਪੁਰ ਦੀ ਜੇਲ ਵਿੱਚ ਹੀ ਅੰਤਮ ਦਿਨ ਤੱਕ ਰਹੇ। ਉਹਨਾਂ ਕਿਹਾ ਕਿ ਇੱਥੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਲਾਘਾ ਕਰਨੀ ਬਣਦੀ ਹੈ ਜਿਨ੍ਹਾਂ ਨੇ ਕਿ ਉਹਨਾਂ ਦੇ ਜਨਮ ਨਗਰ ਪਿੰਡ ਰੱਬੋਂ ਉੱਚੀ ਵਿਖੇ ਉਹਨਾਂ ਦੀ ਯਾਦ ‘ਚ ਇੱਕ ਆਲੀਸ਼ਾਨ ਗੁਰਦੁਆਰਾ ਬਣਾਇਆ ਹੈ। ਉਹਨਾਂ ਕਿਹਾ ਕਿ ਉਹ ਬਾਬਾ ਜੀ ਦੇ ਜਨਮ ਸਥਾਨ ਪਿੰਡ ਰੱਬੋ ਉੱਚੀ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।
ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਗਿਆਸਪੁਰਾ ਨੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸਾਹਿਬ ਵਿਖੇ ਵੀ ਨਤਮਸਤਕ ਹੋਏ। ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੀ ਜੀਵਨੀ ਸਬੰਧੀ ਬੁੱਕ ਵੀ ਭੇਟ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਪਿੰਡ ਰੱਬੋ ਉੱਚੀ ਦੇ ਪ੍ਰਧਾਨ ਪਿਆਰਾ ਸਿੰਘ, ਮੀਤ ਪ੍ਰਧਾਨ ਛਿੰਦਰ ਪਾਲ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ।