ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ਵਿੱਚ ਵਿੱਤੀ ਸਾਲ 2023-24 ਲਈ ਆਰਥਿਕ ਸਰਵੇਖਣ ਪੇਸ਼ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਆਰਥਿਕ ਸਰਵੇਖਣ ਵਿੱਚ ਕਈ ਅਹਿਮ ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਕੁੱਲ ਘਰੇਲੂ ਉਤਪਾਦ (ਜੀਡੀਪੀ), ਮਹਿੰਗਾਈ, ਰੁਜ਼ਗਾਰ ਦਰ ਅਤੇ ਮਾਲੀਆ ਘਾਟੇ ਦੇ ਅੰਕੜੇ ਸ਼ਾਮਲ ਹਨ। ਲੋਕ ਸਭਾ ਵਿੱਚ ਆਰਥਿਕ ਸਰਵੇਖਣ ਪੇਸ਼ ਕਰਦੇ ਹੋਏ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭੂ-ਰਾਜਨੀਤਿਕ ਚੁਣੌਤੀਆਂ ਦਰਮਿਆਨ ਭਾਰਤੀ ਅਰਥਚਾਰੇ ਦੀ ਹਾਲਤ ਚੰਗੀ ਹੈ।
ਉਨ੍ਹਾਂ ਕਿਹਾ ਕਿ ਵਿੱਤੀ ਸਾਲ 2023-24 ਵਿੱਚ ਜੀਡੀਪੀ ਵਾਧਾ ਦਰ 8.2 ਫੀਸਦੀ ਰਹੀ ਹੈ ਅਤੇ ਚਾਲੂ ਵਿੱਤੀ ਸਾਲ 2024-25 ਦੌਰਾਨ ਜੀਡੀਪੀ ਵਾਧਾ 6.5 ਤੋਂ 7.5 ਫੀਸਦੀ ਰਹਿਣ ਦਾ ਅਨੁਮਾਨ ਹੈ। ਆਰਥਿਕ ਸਰਵੇਖਣ ਕੇਂਦਰੀ ਬਜਟ ਤੋਂ ਪਹਿਲਾਂ ਸਰਕਾਰ ਦੁਆਰਾ ਪੇਸ਼ ਕੀਤਾ ਗਿਆ ਇੱਕ ਸਾਲਾਨਾ ਦਸਤਾਵੇਜ਼ ਹੈ, ਜਿਸ ਵਿੱਚ ਆਰਥਿਕ ਸਥਿਤੀ ਦੀ ਸਮੀਖਿਆ ਕੀਤੀ ਜਾਂਦੀ ਹੈ। ਆਰਥਿਕ ਸਮੀਖਿਆ ਵਿੱਤ ਮੰਤਰਾਲੇ ਵਿੱਚ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਆਰਥਿਕ ਵਿਭਾਗ ਦੁਆਰਾ ਤਿਆਰ ਕੀਤੀ ਜਾਂਦੀ ਹੈ। ਇਸ ਨੂੰ ਮੁੱਖ ਆਰਥਿਕ ਸਲਾਹਕਾਰ ਦੀ ਨਿਗਰਾਨੀ ਹੇਠ ਤਿਆਰ ਕੀਤਾ ਗਿਆ ਹੈ। ਆਰਥਿਕ ਸਮੀਖਿਆ ਦੇਸ਼ ਵਿੱਚ ਪਹਿਲੀ ਵਾਰ 1950-1951 ਵਿੱਚ ਪੇਸ਼ ਕੀਤੀ ਗਈ ਸੀ ਜਦੋਂ ਇਹ ਬਜਟ ਦਸਤਾਵੇਜ਼ਾਂ ਦਾ ਹਿੱਸਾ ਸੀ। ਇਸ ਨੂੰ 1960 ਦੇ ਦਹਾਕੇ ਵਿੱਚ ਬਜਟ ਤੋਂ ਵੱਖ ਕਰ ਦਿੱਤਾ ਗਿਆ ਸੀ ਅਤੇ ਬਜਟ ਪੇਸ਼ ਕਰਨ ਤੋਂ ਇੱਕ ਦਿਨ ਪਹਿਲਾਂ ਸੰਸਦ ਵਿੱਚ ਪੇਸ਼ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਸੀ। ਵਿੱਤ ਮੰਤਰੀ ਸੀਤਾਰਮਨ ਮੰਗਲਵਾਰ ਨੂੰ ਵਿੱਤੀ ਸਾਲ 2024-25 ਲਈ ਕੇਂਦਰੀ ਬਜਟ ਪੇਸ਼ ਕਰਨਗੇ।