ਲੁਧਿਆਣਾ, 13 ਜੁਲਾਈ
ਸ਼ਿਵ ਸੈਨਾ ਪੰਜਾਬ ਦੇ ਸਿੱਖ ਭਾਈਚਾਰੇ ਅਤੇ ਧਾਰਮਿਕ ਚਿੰਨ੍ਹਾਂ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਵਾਲੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਲੁਧਿਆਣਾ ਦੇ ਥਾਣਾ ਲਾਡੋਵਾਲ ਵਿਖੇ ਰਾਜੀਵ ਟੰਡਨ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸਮਾਜਿਕ ਅਮਨ-ਚੈਨ ਭੰਗ ਕਰਨ ਦੇ ਦੋਸ਼ ਹੇਠ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਹੈ ਕਿ ਉਕਤ ਆਗੂਆਂ ਨੇ ਵੀਡੀਓ ਰਾਹੀਂ ਸਿੱਖਾਂ ਦੇ ਪਵਿੱਤਰ ਕਕਾਰਾਂ ਬਾਰੇ ਅਪਮਾਨਜਨਕ ਸ਼ਬਦ ਬੋਲੇ ਹਨ, ਜਿਸ ਕਾਰਨ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
20 ਦਿਨ ਪਹਿਲਾਂ ਵਾਇਰਲ ਹੋਈ ਸੀ ਵੀਡੀਓ
ਪ੍ਰਾਪਤ ਜਾਣਕਾਰੀ ਅਨੁਸਾਰ ਰਾਜੀਵ ਟੰਡਨ ਦੀ ਇਹ ਕਥਿਤ ਵੀਡੀਓ ਕਰੀਬ 20 ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਨੂੰ ਬਾਅਦ ਵਿੱਚ ਹਟਾ ਦਿੱਤਾ ਗਿਆ ਸੀ। ਜਗਰਾਉਂ ਦੇ ਪਿੰਡ ਸਿਧਵਾਂ ਕਲਾਂ ਦੇ ਰਹਿਣ ਵਾਲੇ ਭਵਨਦੀਪ ਸਿੰਘ ਨੇ ਇਸੇ ਵੀਡੀਓ ਨੂੰ ਆਧਾਰ ਬਣਾ ਕੇ ਲਾਡੋਵਾਲ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤਕਰਤਾ ਅਨੁਸਾਰ ਉਹ ਹੋਰ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨਾਲ ਲਾਡੋਵਾਲ ਟੋਲ ਪਲਾਜ਼ਾ ’ਤੇ ਮੌਜੂਦ ਸਨ, ਜਦੋਂ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਪਵਨ ਮਾਨ, ਭਾਨੂ ਪ੍ਰਤਾਪ ਅਤੇ ਰਾਜੀਵ ਟੰਡਨ ਵੱਲੋਂ ਪੋਸਟ ਕੀਤੀ ਗਈ ਇਸ ਭੜਕਾਊ ਵੀਡੀਓ ਬਾਰੇ ਪਤਾ ਲੱਗਿਆ।
ਧਾਰਮਿਕ ਚਿੰਨ੍ਹਾਂ (ਕਕਾਰਾਂ) ’ਤੇ ਇਤਰਾਜ਼ਯੋਗ ਟਿੱਪਣੀ ਦੇ ਦੋਸ਼
ਭਵਨਦੀਪ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਾਇਆ ਕਿ ਵੀਡੀਓ ਵਿੱਚ ਸਿੱਖ ਭਾਈਚਾਰੇ ਅਤੇ ਸਿੱਖ ਧਰਮ ਦੇ ਪਵਿੱਤਰ ਕਕਾਰਾਂ ਨੂੰ ਲੈ ਕੇ ਬੇਹੱਦ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਆਰੋਪ ਲਾਇਆ ਕਿ ਅਜਿਹੀਆਂ ਟਿੱਪਣੀਆਂ ਰਾਹੀਂ ਦੋਵਾਂ ਭਾਈਚਾਰਿਆਂ ਵਿਚਾਲੇ ਆਪਸੀ ਵੈਮਨਸ (ਤਣਾਅ) ਪੈਦਾ ਕਰਨ ਅਤੇ ਦੰਗੇ ਭੜਕਾਉਣ ਦੀ ਇੱਕ ਡੂੰਘੀ ਸਾਜ਼ਿਸ਼ ਰਚੀ ਗਈ ਹੈ।
ਰਾਜੀਵ ਟੰਡਨ ਵੱਲੋਂ ਦੋਸ਼ ਖਾਰਜ਼
ਦੂਜੇ ਪਾਸੇ, ਸ਼ਿਵ ਸੈਨਾ ਦੇ ਕੌਮੀ ਚੇਅਰਮੈਨ ਰਾਜੀਵ ਟੰਡਨ ਨੇ ਇਨ੍ਹਾਂ ਆਰੋਪਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਉਲਟਾ ਦਾਅਵਾ ਕੀਤਾ ਕਿ ਪੰਜਾਬ ਵਿੱਚ ਹਿੰਦੂਆਂ ਨੂੰ ਗੁਲਾਮ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਮੇਸ਼ਾ ਆਪਸੀ ਭਾਈਚਾਰੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੰਮ ਕਰਦੀ ਆਈ ਹੈ ਅਤੇ ਕਰਦੀ ਰਹੇਗੀ। ਸ਼ਿਵ ਸੈਨਿਕ ਅਜਿਹੇ ਝੂਠੇ ਪਰਚਿਆਂ ਤੋਂ ਡਰਨ ਵਾਲੇ ਨਹੀਂ ਹਨ।




