ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਰਿਹਾ ਹੈ। ਵਿਜੀਲੈਂਸ ਬਿਊਰੋ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕਰੇਗਾ। ਇਸ ਦੇ ਨਾਲ ਹੀ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਸੀਨੀਅਰ ਅਕਾਲੀ ਆਗੂ ਅਤੇ ਕੋਰ ਕਮੇਟੀ ਦੇ ਮੈਂਬਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪੁਲਿਸ ਵੱਲੋਂ ਅੱਜ ਸਵੇਰੇ ਘਰ ਵਿੱਚ ਨਜ਼ਰਬੰਦ ਕਰ ਲਏ ਜਾਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ।
ਸਵੇਰੇ ਵੱਡੇ ਤੜਕੇ ਭਾਰੀ ਪੁਲਿਸ ਫੋਰਸ ਨੇ ਸਿਕੰਦਰ ਸਿੰਘ ਮਲੂਕਾ ਦੇ ਘਰ ਨੂੰ ਘੇਰਾ ਪਾ ਲਿਆ। ਇਸ ਦੌਰਾਨ ਕਿਸੇ ਨੂੰ ਵੀ ਘਰ ਦੇ ਅੰਦਰ ਨਹੀਂ ਜਾਣ ਦਿੱਤਾ ਅਤੇ ਨਾ ਹੀ ਬਾਹਰ ਆਉਣ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਜੀਠੀਆ ਦੀ ਪੇਸ਼ੀ ਕਰਕੇ ਮਲੂਕਾ ਨੂੰ ਡਿਟੇਨ ਕੀਤਾ ਗਿਆ ਹੈ। ਪੁਲਿਸ ਨੂੰ ਡਰ ਸੀ ਕਿ ਸਿਕੰਦਰ ਸਿੰਘ ਮਲੂਕਾ ਆਪਣੇ ਵੱਡੇ ਗਿਣਤੀ ਵਰਕਰਾਂ ਸਮੇਤ ਮੋਹਾਲੀ ਅਦਾਲਤ ਵਿੱਚ ਪੇਸ਼ੀ ਮੌਕੇ ਪਹੁੰਚਣਗੇ ਜਿਸ ਨੂੰ ਰੋਕਣ ਲਈ ਇਹ ਕਾਰਵਾਈ ਕੀਤੀ ਗਈ ਹੈ।