ਬਿਲਾਵਲੁ ਮਹਲਾ ੧ ॥
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਾਰੀ ਮੰਦਿਰ ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ ਤੁਮ੍ਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥
ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ), ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ । ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ ।੧। ਹੇ ਮੇਰੀ ਮਾਂ! (ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ । ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ, ਕਿਉਂਕਿ ਮੈਨੂੰ ਯਕੀਨ ਹੋ ਗਿਆ ਹੈ ਕਿ (ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ ।੧। ਰਹਾਉ। ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ । ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ ।੨। ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ । ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ । ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ ।੩। ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ । ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ।੪।੨।