ਤੇਜ਼ ਰਫ਼ਤਾਰ ਹਵਾਵਾਂ ਦੇ ਨਾਲ ਕਈ ਜ਼ਿਲਿ੍ਹਆਂ ’ਚ ਪੈ ਰਿਹਾ ਹੈ ਮੀਂਹ
ਦਿ ਸਿਟੀ ਹੈਡਲਾਈਨ
ਲੁਧਿਆਣਾ, 30 ਨਵੰਬਰ
ਪੰਜਾਬ ਤੇ ਚੰਡੀਗੜ੍ਹ ਵਿੱਚ ਸਵੇਰ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਇੱਕ ਦਮ ਹੀ ਮੌਸਮ ਦਾ ਮਿਜ਼ਾਜ ਬਦਲ ਦਿੱਤਾ। ਮੀਂਹ ਕਾਰਨ ਲੋਕਾਂ ਦੇ ਸਵੈਟਰ ਤੇ ਜੈਕੇਟਾਂ ਬਾਹਰ ਆ ਗਈਆਂ। ਲੋਕ ਮੋਟੇ ਤੇ ਗਰਮ ਕਪੜਿਆਂ ਵਿੱਚ ਨਜ਼ਰ ਆਏ। ਉਧਰ, ਮੌਸਮ ਵਿਭਾਗ ਨੇ ਵੀਰਵਾਰ ਨੂੰ ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਯੈਲੋ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲਿ੍ਹਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਪਾਰੇ ਵਿੱਚ ਵੀ ਵੱਡਾ ਬਦਲਾਅ ਆਇਆ ਹੈ। ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਹੋਵੀ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲਿ੍ਹਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਮੀਂਹ ਕਾਰਨ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਤਾਪਮਾਨ ’ਚ ਗਿਰਾਵਟ ਆਵੇਗੀ ਅਤੇ ਠੰਡ ਵਧੇਗੀ। ਇੰਨਾ ਹੀ ਨਹੀਂ ਪੰਜਾਬ ’ਚ ਧੂੰਏਂ ਦਾ ਦੂਜਾ ਪੜਾਅ ਵੀ ਸ਼ੁਰੂ ਹੋ ਜਾਵੇਗਾ, ਜੋ ਖੁੱਲ੍ਹੇ ਅਤੇ ਬਾਹਰਲੇ ਇਲਾਕਿਆਂ ਤੋਂ ਬਾਅਦ ਸੰਘਣੀ ਆਬਾਦੀ ਵਾਲੇ ਇਲਾਕਿਆਂ ’ਚ ਨਜ਼ਰ ਆਵੇਗਾ।