ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਖੇਤੀਬਾੜੀ ਮੰਤਰੀ ਨਾਲ ਅੱਜ ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦਰਮਿਆਨ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਵਿੱਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਯੂਥ ਵਿੰਗ ਕੇਕੇਯੂ ਆਦਿ ਧਰਨਾਕਾਰੀਆਂ ਵਰਕਰਾਂ ਅਤੇ ਪੀੜ੍ਹਤ ਪਰਿਵਾਰਕ ਮੈਂਬਰਾਂ ਦਾ ਇੱਕ ਵਫਦ ਏਡੀਜੀਪੀ ਜਸਕਰਨ ਸਿੰਘ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪ ਕੇ ਮੁਕੱਦਮੇ ‘ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਪੀੜ੍ਹਤਾਂ ਲਈ ਮੁਆਵਜ਼ੇ ਦੀ ਮੰਗ ਕੀਤੀ।
ਪ੍ਰੈਸ ਨੂੰ ਜਾਰੀ ਬਿਆਨ ਵਿੱਚ ਤਰਲੋਚਨ ਸਿੰਘ ਝੋਰੜਾਂ, ਗੁਰਦਿਆਲ ਸਿੰਘ ਤਲਵੰਡੀ, ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ਼ ਅਧਿਕਾਰੀ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਐਸਸੀ.ਐਸਟੀ. ਐਕਟ 1989 ਅਧੀਨ ਦਰਜ ਮੁਕੱਦਮੇ ਦੇ ਦੋਸ਼ੀ ਡੀਐਸਪੀ ਗੁਰਿੰਦਰ ਬੱਲ, ਐਸਆਈ ਰਾਜਵੀਰ ਅਤੇ ਸਰਪੰਚ ਦੀ ਗ੍ਰਿਫਤਾਰੀ ਅਤੇ ਪੀੜ੍ਹਤਾਂ ਨੂੰ ਮੁਆਵਜ਼ਾ ਜਾਰੀ ਕਰਨ ਵਿੱਚ ਜਾਣਬੁੱਝ ਕੇ ਪੱਖਪਾਤੀ ਵਤੀਰਾ ਅਪਣਾ ਰਹੇ ਹਨ।
ਉਨਾਂ ਕਿਹਾ ਕਿ ਕਮਿਸ਼ਨ ਦੇ ਹੁਕਮ ਮੁਤਾਬਕ ਪੀੜ੍ਹਤ ਮਾਤਾ ਨੂੰ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵੀ ਜਾਰੀ ਨਹੀਂ ਕਰ ਰਹੇ। ਆਗੂਆਂ ਅਨੁਸਾਰ ਏਡੀਜੀਪੀ ਨੇ ਵਫਦ ਨੂੰ ਧਿਆਨ ਨਾਲ ਸੁਣਿਆ ਅਤੇ ਨਿਆਂ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਜੱਥੇਬੰਦੀਆਂ ਨੇ ਪੀੜ੍ਹਤਾਂ ਨੂੰ ਨਿਆਂ ਦਿਵਾਉਣ ਲਈ ਕਰੀਬ 19 ਮਹੀਨਿਆਂ ਤੋਂ ਥਾਣਾ ਸਿਟੀ ਜਗਰਾਉਂ ਮੂਹਰੇ ਅਣਮਿਥੇ ਸਮੇਂ ਦਾ ਪੱਕਾ ਧਰਨਾ ਲਗਾਇਆ ਹੋਇਆ ਹੈ। ਵਫਦ ਵਿੱਚ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਬਲਾਕ ਸਕੱਤਰ ਬਲਵਿੰਦਰ ਸਿੰਘ ਪੋਨਾ, ਬਲਾਕ ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ, ਜਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਅਤੇ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ, ਪੀੜ੍ਹਤ ਦਰਸ਼ਨ ਸਿੰਘ ਧਾਲੀਵਾਲ ਹਾਜ਼ਰ ਸਨ।