ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ CBI ਵਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਇਸ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਅਦਾਲਤ ਤੋਂ 3 ਦਿਨ ਦਾ ਰਿਮਾਂਡ ਵੀ ਲਿਆ ਸੀ। ਜਦੋਂ 29 ਜੂਨ ਨੂੰ ਰਿਮਾਂਡ ਦੀ ਮਿਆਦ ਖਤਮ ਹੋਈ ਤਾਂ ਅਦਾਲਤ ਨੇ ਕੇਜਰੀਵਾਲ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦਸ ਦੇਈਏ ਕਿ ਹਾਈ ਕੋਰਟ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਦਿੱਤੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਸੀ। CBI ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।