ਚੰਡੀਗੜ੍ਹ, 22 ਅਕਤੂਬਰ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ।
ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਰਾਜਾਂ ਦੇ ਚੇਅਰਮੈਨਾਂ ਅਤੇ ਮੰਡੀ ਬੋਰਡਾਂ ਦੇ ਪ੍ਰਬੰਧ ਨਿਰਦੇਸ਼ਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਸਤਾਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਲਈ ਸਾਰੇ ਸੂਬਿਆਂ ਨੂੰ ਹੱਥ ਮਿਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਉਤਪਾਦਾਂ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣੇਗਾ।