ਮੋਹਾਲੀ ਵਿਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਸ਼ੂਟਰਾਂ ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦ ਪਛਾਣ ਕਰਨ ਪਾਠਕ ਤੇ ਤਰਨਦੀਪ ਸਿੰਘ ਵਜੋਂ ਹੋਈ ਹੈ। ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕਾਰਵਾਈ ਕਰਨ ਤੋਂ ਬਾਅਦ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਕਾਰਵਾਈ ਨੂੰ ਸਿੱਕਮ ਪੁਲਿਸ, ਮੁੰਬਈ ਪੁਲਿਸ, ਪੱਛਮੀ ਬੰਗਾਲ ਸਪੈਸ਼ਲ ਟਾਸਕ ਫੋਰਸ, ਕੇਂਦਰੀ ਏਜੰਸੀਆਂ ਅਤੇ ਹਾਵੜਾ ਵਿੱਚ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।
ਇਸ ਤੋਂ ਇਲਾਵਾ ਵਿਦੇਸ਼ ਵਿੱਚ ਰਹਿਣ ਵਾਲੇ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਕਰੀਬੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮਾਂ ਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾਵੇਗਾ। ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਪੂਰੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾ ਸਕੇ।
ਦੱਸ ਦੇਈਏ ਕਿ ਅੱਜ ਸਵੇਰੇ ਡੀਜੀਪੀ ਨੇ ਕਿਹਾ ਸੀ ਕਿ ਜਲਦੀ ਹੀ ਵੱਡੇ ਖੁਲਾਸੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਕਾਫ਼ੀ ਜਾਣਕਾਰੀ ਸੀ। ਬਾਅਦ ਵਿੱਚ ਦੁਪਹਿਰ, ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਇਸ ਕਾਰਵਾਈ ਦਾ ਖੁਲਾਸਾ ਕੀਤਾ।





