ਲੁਧਿਆਣਾ, 26 ਸਤੰਬਰ: ਲਾਡੋਵਾਲ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ ਯਾਨੀ 27 ਸਤੰਬਰ ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਲੋਕਾਂ ਨੂੰ ਇੱਥੋਂ ਲੰਘਣ ਲਈ ਕਿਸੇ ਤਰ੍ਹਾਂ ਦਾ ਭੁਗਤਾਨ ਨਹੀਂ ਕਰਨਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀ ਮੰਗ ਪੂਰੀ ਨਹੀਂ ਹੋ ਰਹੀ। ਜਿਸ ਦੇ ਆਧਾਰ ‘ਤੇ ਅਸੀਂ ਇਹ ਫੈਸਲਾ ਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਸਬੰਧੀ ਕਈ ਮਹੀਨਿਆਂ ਤੋਂ ਕੰਪਨੀ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਧਿਆਨ ਨਹੀਂ ਦੇ ਰਹੀ ਹੈ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਕੋਈ ਟੋਲ ਨਹੀਂ ਲਿਆ ਜਾਵੇਗਾ।