ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲਿਵ-ਇਨ ਰਿਲੇਸ਼ਨਸ਼ਿਪ ਦੇ ਵੱਧ ਰਹੇ ਮਾਮਲਿਆਂ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਮਾਜ ਲਈ ਚਿੰਤਾਜਨਕ ਰੁਝਾਨ ਹੈ। ਪਟਿਆਲਾ ਪੁਲਿਸ ਲਾਈਨ ਵਿਖੇ ਲੋਕ ਅਦਾਲਤ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਾ ਸਿਰਫ਼ ਨੌਜਵਾਨ ਮੁੰਡੇ-ਕੁੜੀਆਂ ਸਗੋਂ ਕੁਝ ਵਿਆਹੇ ਹੋਏ ਮਰਦ ਵੀ ਅਜਿਹੇ ਸਬੰਧਾਂ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਸਮਾਜਿਕ ਤਾਣਾ-ਬਾਣਾ ਕਮਜ਼ੋਰ ਹੋ ਰਿਹਾ ਹੈ।
ਇੱਕ ਅਧਿਕਾਰਤ ਬਿਆਨ ਦੇ ਅਨੁਸਾਰ ਗਿੱਲ ਨੇ ਇਸ ਨੂੰ ਰੋਕਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨ ਵਿੱਚ ਸੋਧ ਕਰਨ ਲਈ ਰਾਜ ਸਰਕਾਰ ਨੂੰ ਸਿਫਾਰਸ਼ ਕਰਨਗੇ।
ਲੋਕ ਅਦਾਲਤ ਦੌਰਾਨ ਗਿੱਲ ਨੇ 35 ਮਾਮਲਿਆਂ ਦੀ ਸੁਣਵਾਈ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਕਈ ਸ਼ਿਕਾਇਤਾਂ ਦੀ ਦੁਬਾਰਾ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬਹੁਤ ਸਾਰੀਆਂ ਔਰਤਾਂ ਮੋਹਾਲੀ ਸਥਿਤ ਕਮਿਸ਼ਨ ਦੇ ਦਫ਼ਤਰ ਨਹੀਂ ਆ ਸਕਦੀਆਂ ਇਸੇ ਕਰਕੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ।