ਇਸ ਸਮੇਂ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਮਾਹੌਲ ਗਰਮ ਹੋਇਆ ਪਿਆ ਹੈ। ਪੰਜਾਬ ਦੇ ਵਿੱਚ ਹੁਣ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਹੋਣੀਆਂ ਹਨ। ਇਸ ਦੀ ਵੋਟਿੰਗ 21 ਦਸੰਬਰ ਨੂੰ ਹੋਵੇਗੀ।
ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅੱਜ ਲੁਧਿਆਣਾ ਪਹੁੰਚ ਰਹੇ ਹਨ। ਅਮਨ ਅੱਜ ਨਗਰ ਨਿਗਮ ਚੋਣਾਂ ਲਈ ਚੋਣ ਪ੍ਰਚਾਰ ਨੂੰ ਹਰੀ ਝੰਡੀ ਦੇਣਗੇ। ਉਹ ਨਗਰ ਨਿਗਮ ਚੋਣਾਂ ਵਿੱਚ ਸਾਰੇ ਉਮੀਦਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਚੋਣ ਰਣਨੀਤੀ ਦੱਸਣਗੇ। ਅਮਨ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਪਾਮ ਕੋਰਟ ‘ਚ ਮੀਡੀਆ ਨਾਲ ਵੀ ਗੱਲਬਾਤ ਕਰਨਗੇ।
ਉਮੀਦ ਕੀਤੀ ਜਾ ਰਹੀ ਹੈ ਕਿ ‘ਆਪ’ ਪ੍ਰਧਾਨ ਸ਼ਹਿਰ ‘ਚ ਸ਼ੁਰੂ ਕੀਤੇ ਜਾਣ ਵਾਲੇ ਨਵੇਂ ਪ੍ਰੋਜੈਕਟਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ। ‘ਆਪ’ ਪੰਜਾਬ ਪ੍ਰਧਾਨ ਪ੍ਰੈਸ ਕਾਨਫਰੰਸ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ, ਲੁਧਿਆਣਾ ਨਗਰ ਨਿਗਮ ਚੋਣ ਇੰਚਾਰਜ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ‘ਆਪ’ ਦੇ ਸੀਨੀਅਰ ਆਗੂ ਸੰਨੀ ਆਹਲੂਵਾਲੀਆ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਹਾਜ਼ਰ ਹੋਣਗੇ।