ਲੁਧਿਆਣਾ, 26 ਸਤੰਬਰ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਨੂੰ ਲੈ ਕੇ ਲੁਧਿਆਣਾ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਭਾਜਪਾ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਰੋਸ ਮਾਰਚ ਕੱਢਿਆ, ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਰਵਨੀਤ ਬਿੱਟੂ ਤੋਂ ਅਸਤੀਫੇ ਦੀ ਮੰਗ ਕੀਤੀ। ਕਾਂਗਰਸੀ ਵਰਕਰਾਂ ਨੇ ਭਾਜਪਾ ਦਫ਼ਤਰ ਦਾ ਘਿਰਾਓ ਵੀ ਕੀਤਾ ਅਤੇ ਮਾਹੌਲ ਖ਼ਰਾਬ ਹੁੰਦਾ ਦੇਖ ਭਾਜਪਾ ਦਫ਼ਤਰ ਦੇ ਬਾਹਰ ਪੁਲੀਸ ਤਾਇਨਾਤ ਕਰਨੀ ਪਈ।
ਕਾਂਗਰਸ ਹਲਕਾ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਆਏ ਦਿਨ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿੰਦੇ ਹਨ, ਜੋ ਸਰਾਸਰ ਗਲਤ ਹੈ। ਅੱਜ ਬਿੱਟੂ ਰਾਜ ਮੰਤਰੀ ਹੈ। ਜ਼ਿੰਮੇਵਾਰ ਅਹੁਦੇ ‘ਤੇ ਬੈਠ ਕੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਕਰਨਾ ਚੰਗੀ ਨਹੀਂ ਲਗਦੀ।
ਇਸ ਦੌਰਾਨ ਵਰਕਰਾਂ ਨੇ ਕਿਹਾ ਕਿ ਜਦੋਂ ਰਵਨੀਤ ਬਿੱਟੂ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਸਨ ਤਾਂ ਉਨ੍ਹਾਂ ਨੂੰ ਰਾਹੁਲ ਗਾਂਧੀ ਤੋਂ ਉਦੋਂ ਉਨ੍ਹਾਂ ਨੂੰ ਅੱਤਵਾਦੀ ਨਹੀਂ ਲੱਗੇ। ਉਨ੍ਹਾਂ ਦੇ ਦਾਦਾ ਬੇਅੰਤ ਸਿੰਘ ਨੂੰ ਵੀ ਕਾਂਗਰਸ ਨੇ ਮੁੱਖ ਮੰਤਰੀ ਬਣਾਇਆ ਸੀ। ਬਿੱਟੂ ਖੁਦ ਦੋ ਵਾਰ ਐਮ.ਪੀ.
ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੇ ਕਿਹਾ ਕਿ ਰਵਨੀਤ ਬਿੱਟੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁਸ਼ ਕਰਨ ਲਈ ਘਟੀਆ ਰਾਜਨੀਤੀ ਕਰ ਰਹੇ ਹਨ। ਇਸ ‘ਤੇ ਮਾਮਲਾ ਦਰਜ ਕੀਤਾ ਜਾਵੇ।