ਲੁਧਿਆਣਾ ਦੇ ਫੋਕਲ ਪੁਆਇੰਟ ਦੀ ਨੀਚੀ ਮੰਗਲੀ ‘ਚ ਪਲਾਸਟਿਕ ਦੀਆਂ ਕੁਰਸੀਆਂ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਆਸ-ਪਾਸ ਦੇ ਲੋਕਾਂ ਨੇ ਤੁਰੰਤ ਫੈਕਟਰੀ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ। ਅੱਗ ਇੰਨੀ ਭਿਆਨਕ ਸੀ ਕਿ ਗੋਦਾਮ ਦੀ ਇਮਾਰਤ ਵਿਚ ਤਰੇੜਾਂ ਆ ਗਈਆਂ। ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਅੱਗ ਦੀਆਂ ਲਪਟਾਂ ਨੂੰ ਦੇਖਦੇ ਹੋਏ ਕਈ ਫੈਕਟਰੀ ਮਾਲਕਾਂ ਨੇ ਆਪਣੇ ਮਜ਼ਦੂਰਾਂ ਨੂੰ ਫੈਕਟਰੀਆਂ ਵਿੱਚੋਂ ਬਾਹਰ ਕੱਢ ਲਿਆ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਰੀਬ 3 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।
ਫਾਇਰ ਅਫਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਗੋਦਾਮ ਵਿੱਚ ਕਾਫੀ ਪਲਾਸਟਿਕ ਪਿਆ ਸੀ। ਪਲਾਸਟਿਕ ਪੈਟਰੋਲ ਦੇ ਬਰਾਬਰ ਕੰਮ ਕਰਦਾ ਹੈ। ਤੇਜ਼ ਹਵਾ ਵੀ ਅੱਗ ਦੇ ਫੈਲਣ ਦਾ ਮੁੱਖ ਕਾਰਨ ਹੈ। ਹਵਾ ਦਾ ਵਹਾਅ ਗੋਦਾਮ ਵੱਲ ਸੀ। ਜਿਸ ਕਾਰਨ ਕੁਝ ਹੀ ਸਮੇਂ ਵਿੱਚ ਸਾਰਾ ਗੋਦਾਮ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਆਸਪਾਸ ਦੀਆਂ ਇਮਾਰਤਾਂ ਵਿੱਚੋਂ ਵੀ ਲੋਕਾਂ ਨੂੰ ਬਾਹਰ ਕੱਢਿਆ ਗਿਆ। ਥਾਣਾ ਫੋਕਲ ਪੁਆਇੰਟ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਲੋਕਾਂ ਦੀ ਭੀੜ ਨੂੰ ਖਦੇੜ ਦਿੱਤਾ।