ਲੁਧਿਆਣਾ ਵਿਖੇ ਬੀਤੇ ਦਿਨ ਦੋਰਾਹਾ ਦੇ ਟਿੱਬਾ ਪੁਲ ਨੇੜੇ ਹੋਏ ਦੋ ਗੈਂਗਸਟਰਾਂ ਦੇ ਐਨਕਾਊਂਟਰ ਨੂੰ ਲੈ ਕੇ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਸੰਭਵ ਜੈਨ ਦੇ ਅਗਵਾ ਮਾਮਲੇ ਵਿਚ ਪੁਲਿਸ ਵੱਲੋਂ ਕੁੱਲ 7 ਮੁਲਜ਼ਮਾਂ ਵਿਚੋਂ 5 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਸੰਜੂ ਤੇ ਸੁਭਮ ਗੋਪੀ ਵਜੋਂ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਹ ਗੈਂਗ 7 ਮੈਂਬਰਾਂ ਦਾ ਸੀ ਜੋ ਕਿ ਲੋਕਾਂ ਨੂੰ ਅਗਵਾ ਕਰਨ ਦੇ ਬਾਅਦ ਉਨ੍ਹਾਂ ਤੋਂ ਮੋਟੀ ਫਰੌਤੀ ਮੰਗਦਾ ਸੀ।
ਅਰਪਿਤ ਸ਼ੁਕਲਾ ਨੇ ਦੱਸਿਆ ਕਿ ਜਿਵੇਂ ਹੀ ਪੁਲਿਸ ਇੰਨਾਂ ਗੈਂਗਸਟਰਾਂ ਦੀ ਲੋਕੇਸ਼ਨ ਦਾ ਟਰੇਸ ਕਰਦੇ ਹੋਏ ਇਨ੍ਹਾਂ ਦਾ ਪਿੱਛਾ ਕੀਤਾ ਤਾਂ ਦੋਵੇਂ ਗੈਂਗਸਟਰਾਂ ਨੇ ਪੁਲਿਸ ਉਤੇ ਫਾਇਰਿੰਗ ਕਰ ਦਿੱਤੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ। ਜਵਾਬੀ ਗੋਲੀਬਾਰੀ ‘ਚ ਪੁਲਿਸ ਨੇ ਗੈਂਗਸਟਰ ਨੂੰ ਗੋਲੀ ਮਾਰ ਦਿੱਤੀ। ਇਸ ਕਾਰਵਾਈ ਵਿੱਚ ਇਕ ਪੁਲਿਸ ਮੁਲਾਜ਼ਮ ਵੀ ਜਖਮੀ ਹੋਇਆ ਹੈ।