ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਸ਼ਰਾਬ ਅਤੇ ਹੈਰੋਇਨ ਬਰਾਮਦ ਕਰਕੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕਰ ਲਏ ਹਨ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਭਾਊ ਵਾਸੀ ਪਿੰਡ ਦੇਤਵਾਲ ਅਤੇ ਪਲਵਿੰਦਰ ਸਿੰਘ ਉਰਫ ਭਿੰਦਾ ਵਾਸੀ ਗੋਖੂਵਾਲ ਮਹਿਤਪੁਰ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 300 ਸ਼ਰਾਬ ਦੀਆਂ ਬੋਤਲਾਂ ਅਤੇ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਥਾਣਾ ਦਾਖਾ ਅਤੇ ਸਿੱਧਵਾਂ ਬੇਟ ਵਿੱਚ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਥਾਣਾ ਦਾਖਾ ਦੇ ਏਐਸਆਈ ਆਤਮਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਲਖਵਿੰਦਰ ਸਿੰਘ ਵੱਡੇ ਪੱਧਰ ’ਤੇ ਸ਼ਰਾਬ ਤਸਕਰੀ ਦਾ ਧੰਦਾ ਕਰਦਾ ਹੈ। ਜੋ ਕਿ ਨੇੜਲੇ ਪਿੰਡਾਂ ਨੂੰ ਸ਼ਰਾਬ ਸਪਲਾਈ ਕਰਦਾ ਹੈ। ਇਸ ਸਮੇਂ ਵੀ ਮੁਲਜ਼ਮਾਂ ਨੇ ਵੱਡੀ ਪੱਧਰ ’ਤੇ ਸ਼ਰਾਬ ਲਿਆ ਕੇ ਪਰਾਲੀ ਵਿੱਚ ਛੁਪਾ ਕੇ ਰੱਖੀ ਹੋਈ ਸੀ। ਜਿਸ ਨੂੰ ਦੋਸ਼ੀ ਨੇ ਹਨੇਰੇ ਤੋਂ ਬਾਅਦ ਸਪਲਾਈ ਕਰਨਾ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ ਪੁਲਿਸ ਨੇ 300 ਬੋਤਲਾਂ ਸ਼ਰਾਬ ਬਰਾਮਦ ਕੀਤੀ।