ਲੁਧਿਆਣਾ : ਲੁਧਿਆਣਾ ਪੁਲਿਸ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਡੀ.ਸੀ.ਪੀ ਜਸਕਰਨ ਸਿੰਘ ਤੇਜਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ 8 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਨੇ ਜਸਜੋਤ ਸਿੰਘ ਉਰਫ਼ ਜੋਤ ਵਾਸੀ ਲੁਧਿਆਣਾ ਅਤੇ ਖੁਸ਼ਮੰਦਰ ਸਿੰਘ ਵਾਸੀ ਲੁਧਿਆਣਾ ਨੂੰ ਐਕਟਿਵਾ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਨੇ ਆਪਣੇ ਬਾਕੀ ਸਾਥੀਆਂ ਦੀਪਕ ਗਰਗ, ਸੰਦੀਪ ਸਿੰਘ, ਰਾਹੁਲ ਹੰਸ, ਵਿਕਾਸ ਹਰੀਸ਼ ਅਤੇ ਸਵਿਤਾ ਗਰਗ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਸਾਥੀਆਂ ਨੂੰ ਵੀ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ 36 ਹਜ਼ਾਰ ਨਸ਼ੀਲੀਆਂ ਗੋਲੀਆਂ, 6 ਮੋਬਾਈਲ ਫੋਨਾਂ ਤੋਂ ਇਲਾਵਾ ਪੁਲੀਸ ਨੇ ਦੋ ਲੱਖ ਰੁਪਏ ਤੋਂ ਵੱਧ ਦੀ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਰਾਜਵੰਤ ਸਿੰਘ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।