ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਲੁਧਿਆਣਾ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ। ਨਾਮਜ਼ਦਗੀ ਤੋਂ ਪਹਿਲਾਂ ਅਸ਼ੋਕ ਪੱਪੀ ਨੇ ਮੰਦਰ ‘ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਵਿਕਾਸ ਨੇ ਗੁਰਦੁਆਰਾ ਸਾਹਿਬ ਵਿੱਚ ਜੁੱਤੀਆਂ ਦੀ ਸਫ਼ਾਈ ਦੀ ਸੇਵਾ ਕੀਤੀ।
ਅਸ਼ੋਕ ਪਰਾਸ਼ਰ ਪੱਪੀ ਨੇ ਪਹਿਲੀ ਵਾਰ ਸਾਲ 2022 ‘ਚ ‘ਆਪ’ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਅਤੇ ਵਿਧਾਇਕ ਚੁਣੇ ਗਏ। ਹੁਣ ਪਾਰਟੀ ਨੇ ਇਕ ਵਾਰ ਫਿਰ ਉਨ੍ਹਾਂ ‘ਤੇ ਭਰੋਸਾ ਪ੍ਰਗਟਾਇਆ ਹੈ ਅਤੇ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਟਿਕਟ ਦਿੱਤੀ ਹੈ।
ਅਸ਼ੋਕ ਪੱਪੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦਾ ਪੂਰਾ ਪਰਿਵਾਰ ਕਾਂਗਰਸੀ ਰਿਹਾ ਹੈ। ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਪਹਿਲੀ ਵਾਰ ਵਿਧਾਇਕ ਬਣੇ। ਇਸ ਤੋਂ ਪਹਿਲਾਂ ਸਾਲ 2012 ਵਿੱਚ ਉਨ੍ਹਾਂ ਨੇ ਲੁਧਿਆਣਾ ਦੱਖਣੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਹਾਰ ਗਏ ਸਨ।
ਅਸ਼ੋਕ ਪੱਪੀ ਸਾਲ 2016 ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਸਨ ਪਰ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਟਿਕਟ ਨਾ ਮਿਲਣ ‘ਤੇ ਉਹ ਵਾਪਸ ਕਾਂਗਰਸ ‘ਚ ਚਲੇ ਗਏ ਸਨ।
ਸਾਲ 2022 ‘ਚ ਪੱਪੀ ਮੁੜ ‘ਆਪ’ ‘ਚ ਸ਼ਾਮਲ ਹੋ ਗਏ ਅਤੇ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਉਹ ਜਿੱਤੇ ਅਤੇ ਪਹਿਲੀ ਵਾਰ ਵਿਧਾਇਕ ਬਣੇ। ਹੁਣ ਉਹ ਐਮਪੀ ਦੀ ਚੋਣ ਲੜ ਰਹੇ ਹਨ। ਪੱਪੀ ਦਾ ਦਾਅਵਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਸ ਵਾਰ ਵੀ ਉਹ ਲੋਕ ਸਭਾ ਚੋਣਾਂ ਲੁਧਿਆਣਾ ਤੋਂ ਵੱਡੇ ਫਰਕ ਨਾਲ ਜਿੱਤਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਸ਼ੋਕ ਪਰਾਸ਼ਰ ਪੱਪੀ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਲੁਧਿਆਣਾ ਆਉਣਾ ਸੀ ਪਰ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੱਖ ਮੰਤਰੀ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਪੱਪੀ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਦਾਖ਼ਲ ਕਰਨ ਆਏ।