ਲੁਧਿਆਣਾ, 25 ਅਪ੍ਰੈਲ, 2025 : ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ.ਗੁਰਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ ਅਧੀਨ ਜ਼ਿਲ੍ਹਾ ਲੁਧਿਆਣਾ ਵਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 81.5 ਪ੍ਰਤੀਸ਼ਤ ਦੀ ਕਮੀ ਦਰਜ ਕੀਤੀ ਗਈ ਸੀ ਜੋ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਨਾਲੋਂ ਵੱਧ ਸੀ। ਇਸੇ ਲੜੀ ਤਹਿਤ ਇਸ ਵਾਰ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਸਾੜਨ ਦੀਆਂ ਘਟਨਾਵਾਂ ਵਿੱਚ ਵੀ ਵੱਡੀ ਕਮੀ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਜੀ ਵਲੋਂ ਅਗਵਾਈ ਦਿੰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਸਹਿਕਾਰਤਾ ਵਿਭਾਗ ਅਤੇ ਪੰਚਾਇਤੀ ਰਾਜ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵੱਡੇ ਪੱਧਰ ਤੇ ਜਾਗਰੁਕਤਾ ਅਭਿਆਨ ਚਲਾਇਆ ਜਾਵੇ ਜਿਸ ਵਿੱਚ ਵੱਧ ਤੋਂ ਵੱਧ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਕਣਕ ਦੇ ਨਾੜ ਦੀ ਤੂੜੀ ਬਣਾ ਕੇ ਬਚੇ ਹੋਏ ਨਾੜ ਨੂੰ ਬਿਨ੍ਹਾ ਸਾੜੇ ਸੰਭਾਲਣ ਤਾਂ ਜੋ ਜ਼ਿਲ੍ਹਾ ਲੁਧਿਆਣਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਮਾੜੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਨਾੜ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ, ਵਾਤਾਵਰਣ ਵਿੱਚ ਗਰਮੀ ਵਧਦੀ ਹੈ, ਹਰਿਆਲੀ ਅਤੇ ਸਾਫ ਹਵਾ ਦੇਣ ਵਾਲੇ ਰੁੱਖ ਸੜ੍ਹ ਜਾਂਦੇ ਹਨ। ਅਗਲੀ ਫਸਲ ਦਾ ਝਾੜ ਘਟਣ ਦਾ ਕਾਰਨ ਬਣ ਜਾਂਦਾ ਹੈ ਅਤੇ ਮਨੁੱਖੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਨਾੜ ਸਾੜਨ ਤੋਂ ਪੈਦਾ ਹੁੰਦੇ ਧੂੰਏਂ ਕਾਰਨ ਸੜਕੀ ਹਾਦਸੇ ਹੋਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਨਾਲ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਕਈ ਵਾਰ ਅਣਗਹਿਲੀ ਕਾਰਨ ਨਾਲ ਲੱਗਦੇ ਖੇਤ ਵਿੱਚ ਖੜੀ ਕਣਕ ਦੀ ਪੱਕੀ ਫਸਲ ਨੂੰ ਵੀ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾੜ ਸਾੜਨ ਵਾਲੇ ਕਿਸਾਨਾਂ ਵਿਰੁੱਧ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਮਾਲ ਵਿਭਾਗ ਵਲੋਂ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ ਜਿਸ ਵਿੱਚ ਲੈਂਡ ਰਿਕਾਰਡ ਵਿੱਚ ਲਾਲ ਐਂਟਰੀ, ਵਾਤਾਵਰਣ ਮੁਆਵਜ਼ਾ (ਜੁਰਮਾਨਾ) ਅਤੇ ਕੇਸ ਦਰਜ਼ ਕਰਨ ਤੱਕ ਦੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਜਾਂ ਨਾੜ ਨੂੰ ਅਚਾਨਕ ਅੱਗ ਲੱਗਣ ਤੋਂ ਬਚਾਉਣ ਲਈ ਖੇਤਾਂ ਵਿੱਚ ਪਾਣੀ ਦੇ ਚੁਬੱਚੇ ਭਰ ਕੇ ਰੱਖੇ ਜਾਣ ਅਤੇ ਟਰੈਕਟਰ ਵਾਲੇ ਸਪਰੇ ਪੰਪਾਂ ਦੀਆਂ ਟੈਂਕੀਆਂ ਨੂੰ ਵੀ ਭਰ ਕੇ ਰੱਖਿਆ ਜਾਵੇ। ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਠੀਕ ਕਰਵਾਉਣ ਲਈ ਬਿਜਲੀ ਬੋਰਡ ਨਾਲ ਸੰਪਰਕ ਕੀਤਾ ਜਾਵੇ ਅਤੇ ਟਰਾਂਸਫਾਰਮਰਾਂ ਦੇ ਆਸ-ਪਾਸ ਦੀ ਫਸਲ ਪਹਿਲਾਂ ਹੀ ਹੱਥੀਂ ਵੱਢ ਲਈ ਜਾਵੇ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰਨ।