ਚੰਡੀਗੜ੍ਹ : ਵਿਜੀਲੈਂਸ ਬਿਊਰੋ ਬਠਿੰਡਾ ਨੇ ਪੰਜਾਬ ਪੁਲਿਸ ਦੀ ਪੰਜਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਨੂੰ ਇੱਕ ਕਮਾਂਡੋ ਪੁਲਿਸ ਮੁਲਾਜ਼ਮ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਰਿਸ਼ਵਤਖੋਰੀ ਦਾ ਮੁੱਖ ਸਾਜ਼ਿਸ਼ਕਰਤਾ ਹੈੱਡ ਕਾਂਸਟੇਬਲ (ਸੀ.ਡੀ.ਓ.) ਸੀ, ਜੋ ਅਜੇ ਤੱਕ ਫਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਟੀਮ ਛਾਪੇਮਾਰੀ ਕਰ ਰਹੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਨਛੱਤਰ ਸਿੰਘ ਵਜੋਂ ਹੋਈ ਹੈ, ਜਦੋਂ ਕਿ ਫਰਾਰ ਸੀਡੀਪੀਓ ਤਰਸੇਮ ਸਿੰਘ ਹੈ। ਜਾਣਕਾਰੀ ਮੁਤਾਬਕ ਦੋਸ਼ੀ ਸੀਡੀਪੀਓ ਤਰਸੇਮ ਸਿੰਘ ਨੇ ਪੰਜਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਪਰਮਿੰਦਰ ਸਿੰਘ ਨੂੰ ਨੌਕਰੀ ’ਤੇ ਬਹਾਲ ਕਰਨ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਨਛੱਤਰ ਸਿੰਘ ਨੂੰ ਦੇਣ ਦੀ ਗੱਲ ਕਹੀ ਸੀ। ਸ਼ਿਕਾਇਤਕਰਤਾ ਪਰਮਿੰਦਰ ਸਿੰਘ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਦੋਂ ਨਛੱਤਰ ਸਿੰਘ ਰਿਸ਼ਵਤ ਦੀ ਰਕਮ ਲੈਣ ਲਈ ਪਰਮਿੰਦਰ ਸਿੰਘ ਕੋਲ ਪਹੁੰਚਿਆ ਤਾਂ ਵਿਜੀਲੈਂਸ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਵਿਭਾਗੀ ਕਾਰਵਾਈ ਕਰਕੇ ਸ਼ਿਕਾਇਤਕਰਤਾ ਪਰਮਿੰਦਰ ਸਿੰਘ ਦੀ ਕੁਝ ਸਾਲਾਂ ਦੀ ਸੇਵਾ ਸਮਾਪਤ ਕਰ ਦਿੱਤੀ ਗਈ ਸੀ, ਜਿਸ ਨੂੰ ਬਹਾਲ ਕਰਨ ਬਦਲੇ ਦੋਸ਼ੀਆਂ ਨੇ ਰਿਸ਼ਵਤ ਦੀ ਮੰਗ ਕੀਤੀ ਸੀ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਵੀਂ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਪਰਮਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਭਾਗ ਵੱਲੋਂ ਘਰੇਲੂ ਝਗੜੇ ਕਾਰਨ ਉਸ ਦੀ ਦੋ ਸਾਲਾਂ ਦੀ ਸੇਵਾ ਖਤਮ ਕਰ ਦਿੱਤੀ ਗਈ ਹੈ। ਪਰਮਿੰਦਰ ਸਿੰਘ ਮੁਤਾਬਕ ਉਸ ਖ਼ਿਲਾਫ਼ ਦਰਜ ਸ਼ਿਕਾਇਤ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਕਾਰਨ ਵਿਭਾਗ ਨੇ ਉਸ ਨੂੰ ਕਲੀਨ ਚਿੱਟ ਦੇ ਦਿੱਤੀ ਹੈ, ਇਸ ਲਈ ਜਦੋਂ ਉਸ ਨੇ ਆਪਣੀ ਸੇਵਾ ਬਹਾਲ ਕਰਨ ਲਈ ਸੀਡੀਪੀਓ ਤਰਸੇਮ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਰਿਸ਼ਵਤ ਨਾ ਦੇਣ ਦੇ ਮਾਮਲੇ ‘ਚ ਉਕਤ ਤਰਸੇਮ ਸਿੰਘ ਉਸ ਦੇ ਕੰਮ ‘ਚ ਰੁਕਾਵਟ ਪਾ ਰਿਹਾ ਸੀ, ਜਿਸ ਕਾਰਨ ਉਹ ਰਿਸ਼ਵਤ ਦੇਣ ਲਈ ਰਾਜ਼ੀ ਹੋ ਗਿਆ ਅਤੇ ਇਸ ਸਬੰਧੀ ਵਿਜੀਲੈਂਸ ਕੋਲ ਸ਼ਿਕਾਇਤ ਦਰਜ ਕਰਵਾਈ।
ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀਆਂ ਨੂੰ ਫੜਨ ਲਈ ਜਾਲ ਵਿਛਾਇਆ ਗਿਆ ਸੀ। ਇਸੇ ਦੌਰਾਨ ਦੋਸ਼ੀ ਤਰਸੇਮ ਸਿੰਘ ਨੇ ਪਰਮਿੰਦਰ ਸਿੰਘ ਨੂੰ ਰਿਸ਼ਵਤ ਦੀ ਰਕਮ ਹੈੱਡ ਕਾਂਸਟੇਬਲ ਨਛੱਤਰ ਸਿੰਘ ਨੂੰ ਦੇਣ ਲਈ ਕਿਹਾ। ਵਿਜੀਲੈਂਸ ਵਿਭਾਗ ਦੇ ਬੁਲਾਰੇ ਮੁਤਾਬਕ ਜਦੋਂ ਨਛੱਤਰ ਸਿੰਘ ਨੇ ਪੈਸੇ ਲੈਣ ਲਈ ਪਰਮਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਸ ਨੂੰ ਮੌਕੇ ‘ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ, ਜਦਕਿ ਇਸ ਰਿਸ਼ਵਤ ਕਾਂਡ ਦਾ ਮੁੱਖ ਮੁਲਜ਼ਮ ਤਰਸੇਮ ਸਿੰਘ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ। ਇਸ ਤੋਂ ਇਲਾਵਾ ਜੇ ਕੋਈ ਹੋਰ ਅਧਿਕਾਰੀ ਵੀ ਉਕਤ ਰਿਸ਼ਵਤ ਕਾਂਡ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਵੀ ਟਰੇਸ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।