ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਆਈਏ ਸਟਾਫ਼ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਪਿੰਡ ਨੌਰੰਗ, ਲੇਲੀ, ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਵਿੱਚ ਸ਼ਾਮਲ ਹੈ ਅਤੇ ਉਸਦੇ ਇੱਕ ਰਿਸ਼ਤੇਦਾਰ ਵਿਰੁੱਧ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਇਸ ਸਬੰਧੀ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਮਿਲ ਕੇ ਧਮਕੀ ਦਿੱਤੀ ਕਿ ਉਸ ਦੇ ਰਿਸ਼ਤੇਦਾਰ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਏਐਸਆਈ ਗੁਰਜੀਤ ਸਿੰਘ ਨੇ ਉਸ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸ ਦੀ ਜ਼ਮਾਨਤ ਦਾ ਰਾਹ ਪੱਧਰਾ ਕਰਨ ਬਦਲੇ ਢਾਈ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।




