ਲੁਧਿਆਣਾ, 5 ਮਈ – ਜਲ ਸਪਲਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 33 ਅਧੀਨ ਪ੍ਰੀਤਮ ਕਲੋਨੀ ਵਿਖੇ 25 ਹਾਰਸ ਪਾਵਰ ਵਾਲੇ ਪੀਣ ਵਾਲੇ ਪਾਣੀ ਦਾ ਟਿਊਬਵੈਲ ਲੋਕ ਅਰਪਿਤ ਕੀਤਾ ਗਿਆ।
ਵਿਧਾਇਕ ਛੀਨਾ ਨੇ ਕਿਹਾ ਕਿ ਪਹਿਲਾਂ ਇਸ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ ਪਰ ਹੁਣ ਨਵੇਂ ਟਿਊਬਵੈਲ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਦੱਖਣੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਵਾਰਡਾਂ ਵਿੱਚ ਵੀ ਨਵੇਂ ਟਿਊਬਵੈੱਲ ਲਗਾਏ ਜਾਣਗੇ ਜਿੱਥੇ ਪੀਣ ਵਾਲੇ ਪਾਣੀ ਦੀ ਕਿੱਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੇ ਹੱਲ ਵੀ ਲੱਭੇ ਜਾ ਰਹੇ ਹਨ।
ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟ ਵਿੱਚ ਤੇਜੀ ਲਿਆਂਦੀ ਗਈ ਹੈ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਹੋ ਸਕੇ। ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੀਲਾ ਕਾਰਡ, ਪੈਨਸ਼ਨ ਅਤੇ ਰਿਹਾਇਸ਼ ਯੋਜਨਾ ਸਮੇਤ ਹੋਰ ਯੋਜਨਾਵਾਂ ਤੋਂ ਵਾਂਝੇ ਰਹਿਣ ਵਾਲਿਆਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨਨ ਅਤੇ ਜਲਦ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਟਿਊਬਵੈੱਲ ਦਾ ਉਦਘਾਟਨ ਕਰਨ ਲਈ ਧੰਨਵਾਦ ਕੀਤਾ।