ਲੁਧਿਆਣਾ, 13 ਮਈ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 27 ਸ਼ੇਰਪੁਰ ਅਤੇ ਵਾਰਡ ਨੰਬਰ 38 ਈਸ਼ਰ ਨਗਰ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਰਫ਼ ਸੜਕਾਂ ਅਤੇ ਪਾਰਕਾਂ ਦੀ ਸਫਾਈ ‘ਤੇ ਹੀ ਧਿਆਨ ਕੇਂਦਰਿਤ ਨਹੀਂ ਕੀਤਾ ਜਾਣਾ, ਸਗੋਂ ਗਰਮੀਆਂ ਦੇ ਮੌਸਮ ਦੌਰਾਨ ਜਨਤਕ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੀਵਰ ਲਾਈਨਾਂ ਅਤੇ ਸੜਕਾਂ ਅਤੇ ਨਾਲੀਆਂ ਦੀ ਸਫਾਈ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਸਥਾਨਕ ਨਿਵਾਸੀਆਂ ਨੂੰ ਵੈਕਟਰ-ਜਨਿਤ ਬਿਮਾਰੀਆਂ ਤੋਂ ਬਚਾਉਣ ਲਈ ਫੌਗਿੰਗ ਵੀ ਕੀਤੀ ਜਾਵੇਗੀ। ਸੂਬਾ ਸਰਕਾਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ, ਪੂਰੇ ਦੱਖਣੀ ਹਲਕੇ ਵਿੱਚ ਨਿਯਮਤ ਸਫਾਈ ਗਤੀਵਿਧੀਆਂ, ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮਾਂ ਸਮੇਤ ਕਈ ਕੰਮ ਕੀਤੇ ਜਾਣਗੇ।
ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਨੂੰ ਖੁੱਲ੍ਹੀਆਂ ਥਾਵਾਂ ਜਾਂ ਪਲਾਟਾਂ ਵਿੱਚ ਕੂੜਾ ਸੁੱਟਣ ਤੋਂ ਬਚਣਾ ਚਾਹੀਦਾ ਹੈ ਅਤੇ ਸਥਾਨਕ ਅਧਿਕਾਰੀਆਂ ਨਾਲ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਸ ਸਫਾਈ ਪਹਿਲਕਦਮੀ ਨੂੰ ਅਪਣਾਉਣ ਲਈ ਵੀ ਉਤਸਾਹਿਤ ਕੀਤਾ ਅਤੇ ਕਿਹਾ ਕਿ ਇੱਕ ਸਾਫ਼ ਅਤੇ ਸਿਹਤਮੰਦ ਲੁਧਿਆਣਾ ਸ਼ਹਿਰ ਲਈ, ਸਾਨੂੰ ਇਸ ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣਾ ਪਵੇਗਾ।