ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਉਸ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। DGP ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁਲਜ਼ਮ ਨਾਜਾਇਜ਼ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ਵਿੱਚ ਮਦਦ ਕਰ ਰਿਹਾ ਸੀ। ਦੋਸ਼ੀ ਜੇਲ ‘ਚ ਬੰਦ ਨਸ਼ਾ ਤਸਕਰਾਂ ਦੇ ਸੰਪਰਕ ‘ਚ ਸੀ ਅਤੇ ਬਾਹਰੋਂ ਨਸ਼ਾ ਤਸਕਰਾਂ ਦੀ ਮਦਦ ਕਰਦਾ ਸੀ।
ਇਸ ਮਾਮਲੇ ਦੀ ਜਾਂਚ ‘ਚ ANTF ਨੇ ਦੋਸ਼ੀਆਂ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ਵਿੱਚ 7.09 ਕਰੋੜ ਰੁਪਏ ਪਾਏ ਗਏ ਹਨ। ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ANTF ਨੇ ਉਸ ਕੋਲੋਂ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ।