ਚੰਡੀਗੜ੍ਹ, 21 ਜੁਲਾਈ : ਲੋਕ ਸਭਾ ਦੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ, ਭਾਜਪਾ ਤੇ ਆਪ ਸਮੇਤ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਦੋਗਲੇ ਸਟੈਂਡ ਦੇ ਕਾਰਨ ਅੱਜ ਪੰਜਾਬ ਦਾ ਪਾਣੀ ਖੋਹਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਐੱਸ ਵਾਈ ਐੱਲ ਦੀ ਉਸਾਰੀ ਦਾ ਵਿਰੋਧ ਕਰ ਰਹੀਆਂ ਹਨ, ਪਰ ਹਰਿਆਣਾ ਵਿੱਚ ਇਸ ਦਾ ਸਮਰਥਨ ਕਰਦੀਆਂ ਹਨ। ਇਹਨਾਂ ਪਾਰਟੀਆਂ ਦੀਆਂ ਦੋਗਲੀ ਨੀਤੀਆਂ ਦੇ ਸਦਕਾ ਪੰਜਾਬ ਇੱਕ ਦਿਨ ਮਾਰੂਥਲ ਬਣ ਜਾਵੇਗਾ। ਇਸ ਨਾਲ ਕਿਸਾਨ ਹੀ ਸੂਬੇ ਦਾ ਅਰਥਚਾਰਾ ਵੀ ਵਿਗੜ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸਰਬ ਪਾਰਟੀ ਮੀਟਿੰਗ ਵਿੱਚ ਭਾਗ ਲੈਣ ਤੋ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸਾਂਸਦ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪਰ ਕਿਸਾਨਾਂ ਨੂੰ ਹੁਣ ਵੀ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਐਮਐਸਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣੇ ਚਾਹੀਦੇ ਹਨ।
ਪੰਜਾਬ ਵਿਚ ਨਸ਼ਾ ਤਸਕਰੀ ਤੇ ਨਸ਼ਿਆਂ ਦੇ ਪਸਾਰ ਵਿਚ ਹੋਏ ਵਾਧੇ ਦੀ ਗੱਲ ਕਰਦਿਆਂ ਸਾਂਸਦ ਬਾਦਲ ਨੇ ਕਿਹਾ ਕਿ ਪਾਕਿ ਤੋਂ ਡਰੋਨਾਂ ਰਾਹੀਂ ਪੰਜਾਬ ਵਿਚ ਨਸ਼ੇ ਸੁੱਟੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿਚ ਸਿਆਸਤਦਾਨਾਂ ਤੇ ਪੁਲਿਸ ਵਿਚਾਰ ਗੰਢਤੁਪ ਕਾਰਣ ਹਾਲਾਤ ਬਹੁਤ ਵਿਗੜ ਗਏ ਹਨ ਅਤੇ ਰੋਜ਼ਾਨਾ ਲੋਕ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਲੋਕ ਸਭਾ ਮੈਂਬਰ ਬੀਬੀ ਬਾਦਲ ਨੇ ਨਸ਼ਾ ਤਸਕਰੀ ਤੇ ਨਸ਼ਿਆਂ ਦੀ ਪੰਜਾਬ ਵਿਚ ਸਮਗਲਿੰਗ ਰੋਕਣ ਵਾਸਤੇ ਵਿਆਪਕ ਨੀਤੀ ਬਣਾਉਣ ਦੀ ਮੰਗ ਕੀਤੀ।