ਦਿ ਸਿਟੀ ਹੈੱਡ ਲਾਈਨਸ
ਚੰਡੀਗੜ੍ਹ, 05 ਫਰਵਰੀ : ਸਰਕਾਰੀ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਾ ਲਿਜਾਣ ’ਤੇ ਅੜੇ ਰਹੇ ਪੰਜਾਬ ਟਰਾਂਸਪੋਰਟ ਮੁਲਾਜ਼ਮਾਂ ਦਾ ਰੁਖ਼ ਨਰਮ ਹੋ ਗਿਆ ਹੈ। ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਸਵੇਰ ਅਤੇ ਸ਼ਾਮ ਦੇ ਭੀੜ-ਭੜੱਕੇ ਦੇ ਸਮੇਂ ਵਿੱਚ ਸਰਕਾਰੀ ਬੱਸਾਂ ਵਿੱਚ ਵਾਧੂ ਸਵਾਰੀਆਂ ਚੁੱਕਣ ਦਾ ਫੈਸਲਾ ਕੀਤਾ ਹੈ। ਫੈਸਲੇ ਨਾਲ ਰੋਜ਼ਾਨਾ ਸਫ਼ਰ ਕਰਨ ਵਾਲੇ ਵਿਦਿਆਰਥੀਆਂ, ਮਰੀਜ਼, ਕੰਮਕਾਜੀ ਲੋਕਾਂ ਨੂੰ ਰਾਹਤ ਮਿਲੇਗੀ।
ਉਧਰ, ਯੂਨੀਅਨ ਵਲੋਂ ਇਹ ਮੰਗ ਪਨਬੱਸ ਅਤੇ ਪੀਆਰਟੀਸੀ ਦੇ ਐਮਡੀ ਅਤੇ ਹੋਰ ਉੱਚ ਅਧਿਕਾਰੀਆਂ ਅੱਗੇ ਵੀ ਰੱਖੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਨਾਲ ਯੂਨੀਅਨ ਦੇ ਅਧਿਕਾਰੀਆਂ ਦੀ 8 ਫਰਵਰੀ ਨੂੰ ਮੀਟਿੰਗ ਸੱਦੀ ਗਈ ਹੈ, ਜਿਸ ਦੇ ਮੱਦੇਨਜ਼ਰ ਯੂਨੀਅਨ ਨੇ ਆਮ ਲੋਕਾਂ ਦੀ ਸਹੂਲਤ ਲਈ ਉਪਰੋਕਤ ਫੈਸਲਾ ਲਿਆ ਹੈ ਅਤੇ ਇਸ ਸਬੰਧੀ ਮੰਗਾਂ ਦਾ ਹਾਂ-ਪੱਖੀ ਹੱਲ ਹੋਣ ਦੀ ਆਸ ਪ੍ਰਗਟਾਈ ਹੈ।
ਯੂਨੀਅਨ ਵੱਲੋਂ ਟਰਾਂਸਪੋਰਟ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਾਨੂੰਨ ਅਨੁਸਾਰ ਓਵਰਲੋਡ ਬੱਸਾਂ ਨਹੀਂ ਚਲਾਈਆਂ ਜਾ ਸਕਦੀਆਂ ਪਰ ਸਵੇਰ ਅਤੇ ਸ਼ਾਮ ਦੇ ਸਮੇਂ ਅਤੇ ਲੋੜਵੰਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ।ਇਸ ਤੋਂ ਬਾਅਦ ਕੁਝ ਯਾਤਰੀਆਂ ਨੂੰ ਖੜ੍ਹੇ ਹੋ ਕੇ ਸਫਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਕੀਤਾ ਜਾ ਸਕੇ।