ਸੁਨਾਮ, 31 ਜੁਲਾਈ: ਸ਼ਹੀਦ ਊਧਮ ਸਿੰਘ ਆਜ਼ਾਦੀ ਸੰਘਰਸ਼ ਦਾ ਇੱਕ ਮਹਾਨ ਯੋਧਾ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਮਾਰ ਕੇ ਬਹਾਦਰੀ ਦਾ ਸਬੂਤ ਦਿੱਤਾ ਸੀ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਨੂੰ ਕਰਦਿਆ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੌਮੀ ਆਜ਼ਾਦੀ ਦੇ ਸੰਗਰਾਮ ਦੌਰਾਨ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਇਸ ਤਰ੍ਹਾਂ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ ‘ਤੇ ਮਾਣ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਅਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਅੱਗੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਜਿਨ੍ਹਾਂ ਨੇ ਬੇਮਿਸਾਲ ਬਹਾਦਰੀ ਅਤੇ ਅਥਾਹ ਹੌਸਲੇ ਦਾ ਪ੍ਰਦਰਸ਼ਨ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗੀ।