Tuesday, November 5, 2024
spot_img

ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਨ ਦੀ ਲੋੜ

Must read

ਦਿ ਸਿਟੀ ਹੈੱਡਲਾਈਨਸ

ਨਵਾਂਸ਼ਹਿਰ, 17 ਜਨਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਗਲਵਾਰ ਨੂੰ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਆਯੋਜਿਤ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਤੇ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਸਿਹਤ ਵਿਭਾਗ ਸਮੇਤ ਵੱਖ-ਵੱਖ ਭਾਈਵਾਲ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਾਂਝੀਆਂ ਟੀਮਾਂ ਬਣਾ ਕੇ ਵਿਦਿਅਕ ਅਦਾਰਿਆਂ ਸਮੇਤ ਜਨਤਕ ਥਾਵਾਂ ‘ਤੇ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਕੋਟਪਾ ਐਕਟ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦ ਭਗਤ ਸਿੰਘ ਨਗਰ ਨੂੰ ਤੰਬਾਕੂ ਮੁਕਤ ਜ਼ਿਲ੍ਹਾ ਬਣਾਉਣ ਲਈ ਸਾਂਝਾ ਹਭਲਾ ਮਾਰਨਾ ਚਾਹੀਦਾ ਹੈ।

ਉਨ੍ਹਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਤੀਬਰ ਜਾਗਰੂਕਤਾ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾਵੇ। ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। 

ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਵਿਭਾਗ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਏਰੀਆ ਅੰਦਰ ਜਿਨ੍ਹਾਂ ਦੁਕਾਨਾਂ/ ਵੈਂਡਰਾਂ ਵੱਲੋਂ ਤੰਬਾਕੂ ਉਤਪਾਦਾਂ ਦੀ ਵਿਕਰੀ ਕੀਤੀ ਜਾਂਦੀ ਹੈ, ਉਨ੍ਹਾਂ ਦੁਕਾਨਾਂ ‘ਤੇ ਇਹ ਬੋਰਡ ਲਗਵਾਇਆ ਜਾਣਾ ਯਕੀਨੀ ਬਣਾਇਆ ਜਾਵੇ ਕਿ 18 ਸਾਲ ਦੀ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣਾ ਕਾਨੂੰਨੀ ਅਪਰਾਧ ਹੈ।

ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਕੋਟਪਾ ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਾਰੇ ਭਾਈਵਾਲ ਵਿਭਾਗਾਂ ਨੂੰ ਵੀ ਇਸ ਵਿਚ ਆਪਣੀ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਬਿਕਰਮਜੀਤ ਸਿੰਘ ਪੰਥੇ, ਸਹਾਇਕ ਕਮਿਸ਼ਨਰ ਜਨਰਲ ਡਾ. ਗੁਰਲੀਨ ਕੌਰ ਅਤੇ ਗੁੱਡ ਗਵਰਨੈਂਸ ਫੈਲੋ ਸੰਜਨਾ ਸਕਸ਼ੈਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਨੂੰ ਅਗਰਵਾਲ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article