ਖੰਨਾ ‘ਚ ਅਗਵਾ ਹੋਏ ਬੱਚੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਵੀਰਵਾਰ ਨੂੰ ਕਿਡਨੈਪਰਾਂ ਦਾ ਐਨਕਾਊਂਟਰ ਕਰਕੇ ਭਵਕਿਰਤ ਨੂੰ ਸੁਰੱਖਿਅਤ ਛੁਡਾ ਲਿਆ। ਅਗਵਾਕਾਰਾਂ ਨਾਲ ਲਗਭਗ 15 ਮਿੰਟ ਤੱਕ ਪੁਲਿਸ ਦਾ ਐਨਕਾਊਂਟਰ ਚੱਲਿਆ। ਇਸ ਕਾਰਵਾਈ ਵਿੱਚ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਦਕਿ ਕਿਡਨੈਪਰ ਜਸਪ੍ਰੀਤ ਸਿੰਘ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
DIG ਮਨਦੀਪ ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮਾਮਲੇ ਵਿਚ 3 ਜ਼ਿਲ੍ਹਿਆਂ ਦੀ ਪੁਲਿਸ ਨੇ ਕਾਰਵਾਈ ਕੀਤੀ। ਦੋਸ਼ੀਆਂ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੇ ਦੋ ਸਾਥੀ ਹਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ, ਰਵੀ ਭਿੰਡਰ ਵਾਸੀ ਅਮਰਗੜ੍ਹ ਸ਼ਾਮਲ ਸਨ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਇਸ ਸਾਰੀ ਕਾਰਵਾਈ ਦੀ ਪਲ-ਪਲ ਅਪਡੇਟ ਲੈ ਰਹੇ ਸਨ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਇਸ ਆਪ੍ਰੇਸ਼ਨ ਤੋਂ ਬਾਅਦ ਪੂਰੀ ਟੀਮ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਮਾਪਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਕੀਤਾ, ਜਿਸ ਕਾਰਨ ਉਨ੍ਹਾਂ ਦਾ ਬੱਚਾ ਅਗਵਾਕਾਰਾਂ ਦੇ ਚੁੰਗਲ ਤੋਂ ਬਚ ਗਿਆ। ਭਵਕਿਰਤ ਦੀ ਮਾਤਾ ਜਸਪ੍ਰੀਤ ਕੌਰ ਅਤੇ ਪਿਤਾ ਰਣਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਮੇਂ ਸਿਰ ਕਾਰਵਾਈ ਸਦਕਾ ਹੀ ਉਨ੍ਹਾਂ ਦਾ ਪੁੱਤਰ 24 ਘੰਟਿਆਂ ਵਿੱਚ ਸਹੀ ਸਲਾਮਤ ਆਪਣੇ ਘਰ ਪਹੁੰਚ ਗਿਆ ਹੈ।