ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਜਲੰਧਰ ਤੋਂ ਲੋਕ ਸਭਾ ਦੇ ਮੈਂਬਰ ਚਰਨਜੀਤ ਸਿੰਘ ਨੇ ਕਸਬਾ ਫਿਲੌਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਗੱਲਬਾਤ ਕੀਤੀ ਅਤੇ ਜਲਦ ਇਸ ਸਮੱਸਿਆ ਦਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਕੋਲ ਤੁਹਾਡੇ ਆਡੀਓ-ਵੀਡੀਓ ਅਤੇ ਪੈਸੇ ਦੇ ਲੈਣ-ਦੇਣ ਦੇ ਸਬੂਤ ਹਨ ਤਾਂ ਡਰੋ ਨਹੀਂ, ਅੰਦਰ ਨਾ ਬੈਠੋ। ਪੰਜਾਬ ਨੂੰ ਨੁਕਸਾਨ ਹੋ ਰਿਹਾ ਹੈ। ਸਾਂਸਦ ਚਰਨਜੀਤ ਸਿੰਘ ਚੰਨੀ ਨੇ ਕਿਹਾ ਸ਼ੈਲਰ ਮਾਲਕਾਂ ਨੂੰ 1 ਤੋਂ 10 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨੁਕਸਾਨ ਹੋਣ ਵਾਲਾ ਹੈ, ਕਿਉਂਕਿ ਸਰਕਾਰਾਂ ਨੇ ਗੋਦਾਮ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਜਿਸ ਕਰਕੇ ਬਾਕੀ ਝੋਨੇ ਦੀ ਫ਼ਸਲ ਨੂੰ ਸਟੋਰ ਕਰਨ ਲਈ ਗੋਦਾਮ ਵਿੱਚ ਥਾਂ ਨਹੀਂ ਹੈ।