ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੇਲਾ ਵਿਹਾਅ ਚੁੱਕਾ ਸਿਆਸਤਦਾਨ ਦੱਸਦਿਆਂ ਕਿਹਾ ਕਿ ਇਹ ਆਗੂ ਜਿਹੜੀ ਵੀ ਪਾਰਟੀ ਵਿੱਚ ਜਾਂਦਾ ਹੈ, ਉਸ ਪਾਰਟੀ ਲਈ ਬੋਝ ਬਣ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਬਾਰੇ ਸਿੱਧੂ ਹੁਣ ਤਾਂ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਪਰ ਉਹ ਖੁਦ ਮੰਤਰੀ ਹੁੰਦਿਆਂ ਬਿਜਲੀ ਮਹਿਕਮਾ ਲੈਣ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਘੜੀ-ਮੁੜੀ ਆਪਣੀ ਵਫ਼ਾਦਾਰੀ ਬਦਲ ਲੈਂਦੇ ਹਨ ਜਿਸ ਕਾਰਨ ਲੋਕਾਂ ਦਾ ਉਸ ’ਤੇ ਕੋਈ ਭਰੋਸਾ ਨਹੀਂ ਰਿਹਾ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਅਗਵਾਈ ਕਰਨ ਲਈ ਆਪਣੀ ਕਾਬਲੀਅਤ ਪਛਾਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਸਿਖਰਾਂ ਉਤੇ ਪਹੁੰਚ ਸਕਣ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ, ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਹੋਰ ਹਾਜ਼ਰ ਸਨ।