ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਦੀ ਕਾਇਆਂ ਕਲਪ ਕੀਤੀ ਜਾ ਰਹੀ ਹੈ। ਡਾ. ਬਲਬੀਰ ਸਿੰਘ ਅੱਜ ਸ਼ਾਮ ਇੱਥੇ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨੇ ਜੂਨੀਅਰ ਰੈਜੀਡੈਂਟਸ ਡਾਕਟਰਾਂ ਦੀ ਮੰਗ ‘ਤੇ ਪੁਖ਼ਤਾ ਸੁਰੱਖਿਆ ਦੇ ਇੰਤਜਾਮ ਕਰਨ ਦਾ ਭਰੋਸਾ ਵੀ ਦਿਵਾਇਆ ਅਤੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੀ ਮੌਜੂਦ ਸਨ।
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਜਿੰਦਰਾ ਹਸਪਤਾਲ ਵਿਖੇ ਟਰੌਮਾ ਸੈਂਟਰ ਦੀ ਉਸਾਰੀ ਕਰਵਾਈ ਜਾਣੀ ਹੈ, ਜਿਸ ਲਈ ਉਨ੍ਹਾਂ ਨੇ ਅੱਜ ਇਸ ਪ੍ਰਾਜੈਕਟ ਦਾ ਜਾਇਜ਼ਾ ਲਿਆ ਹੈ ਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸੇ ਸਮੇਂ 128 ਕਰੋੜ ਰੁਪਏ ਦੇ ਵਿਕਾਸ ਕਾਰਜ ਸਰਕਾਰੀ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਚੱਲ ਰਹੇ ਹਨ ਅਤੇ ਜਲਦੀ ਹੀ ਕਰੀਬ 70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਰੌਮਾ ਸੈਂਟਰ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਵਿਖੇ ਉਸਾਰੇ ਜਾ ਰਹੇ ਸਪੋਰਟਸ ਸਟੇਡੀਅਮ ਦਾ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ ਫੈਕਲਿਟੀ ਹਾਊਸਿੰਗ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਾਰੇ ਕੰਮ ਮਿਥੇ ਸਮੇਂ ਵਿੱਚ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।