Monday, January 27, 2025
spot_img

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ‘ਚ ਮਿਲਿਆ ਲਾਰਵਾ

Must read

ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ ਵਲੋਂ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 1,34,677 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਭਗ 2059 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ ਐਮ.ਸੀ. ਦੁਆਰਾ 562 ਚਲਾਨ ਕੀਤੇ ਗਏ ਹਨ।

ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 433379 ਕੰਟੇਨਰ ਚੈੱਕ ਕੀਤੇ ਗਏ ਅਤੇ 2378 ਕੰਟੇਨਰਾਂ ਵਿਚ ਲਾਰਵਾ ਮਿਲਿਆ।

ਸਿਹਤ ਅਧਿਕਾਰੀਆਂ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ।

ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਅਪਣੇ ਤੌਰ ’ਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕਰ ਰਿਹਾ ਹੈ ਪਰ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ ਵਿਚ, ਪਾਣੀ ਦੀਆਂ ਟੈਕੀਆਂ ਵਿਚ, ਫੁੱਲਾਂ ਦੇ ਗਮਲਿਆਂ ਵਿਚ, ਫ਼ਰਿੱਜਾਂ ਪਿੱਛੇ ਲੱਗੀ ਟਰੇਅ ਵਿਚ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article