ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦੋਸ਼ੀ ਜੀਵਨਜੋਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਨਵਾਂ ਮੋੜ ਆਇਆ ਹੈ। ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਨੇ ਨਿਆਂ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਕਿਹਾ ਕਿ ਉਨ੍ਹਾਂ ਦੀਆਂ ਲਿਖਤੀ ਸ਼ਿਕਾਇਤਾਂ ਦੇ ਬਾਵਜੂਦ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਸਾਜ਼ਿਸ਼ਕਾਰਾਂ ਵਿਰੁੱਧ ਕੋਈ ਜਾਂਚ ਨਹੀਂ ਕੀਤੀ ਗਈ। ਬਹੁਤ ਸਾਰੇ ਅਧਿਕਾਰੀਆਂ ਨੂੰ ਇਸ ਸਾਜ਼ਿਸ਼ ਬਾਰੇ ਪਤਾ ਸੀ, ਪਰ ਜਾਂਚ ਅੱਗੇ ਨਹੀਂ ਵਧੀ।
ਕਤਲ ਵਾਲੇ ਦਿਨ ਜੀਵਨਜੋਤ ਚਾਹਲ ਉਰਫ਼ ਜੁਗਨੂੰ ਨੇ ਫੇਸਬੁੱਕ ‘ਤੇ ਪੋਸਟ ਕੀਤਾ ਸੀ ਕਿ ਮਾਨਸਾ ਵਿੱਚ ਇੱਕ ਵੱਡਾ ਤੂਫ਼ਾਨ ਆਉਣ ਵਾਲਾ ਹੈ। ਬਲਕੌਰ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਜੁਗਨੂੰ ਦਾ ਨਾਮ ਦਰਜ ਕਰਵਾਇਆ ਸੀ। ਉਸਦੇ ਖਿਲਾਫ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ।
ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਬਿਨਾਂ ਕਿਸੇ ਜਾਂਚ ਦੇ ਚੁੱਪ-ਚਾਪ ਐਲਓਸੀ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਿਰਫ਼ ਇੱਕ ਮੋਹਰਾ ਹੈ। ਉਹ ਸਵਾਲ ਕਰਦੇ ਹਨ ਕਿ ਜਦੋਂ ਮੁੱਖ ਸਾਜ਼ਿਸ਼ਕਰਤਾ ਸਰਕਾਰੀ ਮੰਤਰੀਆਂ ਦੀਆਂ ਮੀਟਿੰਗਾਂ ਵਿੱਚ ਗਾ ਰਹੇ ਹਨ ਅਤੇ ਚੋਣਾਂ ਲਈ ਪ੍ਰਚਾਰ ਕਰ ਰਹੇ ਹਨ ਤਾਂ ਇਨਸਾਫ਼ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।