ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਗੈਂਗਸਟਰ ਲਾਰੈਂਸ ਬਿਸਨੋਈ ਦੀ ਜੇਲ੍ਹ ਇੰਟਰਵਿਊ ਵਿੱਚ ਵੱਡਾ ਖੁਲਾਸਾ ਹੋਇਆ ਹੈ। ਗੈਂਗਸਟਰ ਲਾਰੈਂਸ ਬਿਸਨੋਈ ਦੀ ਪਹਿਲੀ ਇੰਟਰਵਿਊ ਖਰੜ ‘ਚ ਪੁਲਿਸ ਹਿਰਾਸਤ ਅਤੇ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ SIT ਦੀ ਰਿਪੋਰਟ ਤੋਂ ਇਹ ਖੁਲਾਸਾ ਹੋਇਆ ਹੈ। SIT ਨੇ ਇਹ ਸੀਲਬੰਦ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸੀ। ਜਿਸ ਨੂੰ ਅੱਜ ਜਨਤਕ ਕੀਤਾ ਗਿਆ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਸਾਲ 2023 ਵਿੱਚ 14 ਅਤੇ 17 ਮਾਰਚ ਨੂੰ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ‘ਤੇ ਸਵਾਲ ਖੜ੍ਹੇ ਹੋ ਗਏ ਸਨ। ਇਸ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਇੰਟਰਵਿਊ ਬਠਿੰਡਾ ਜਾਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਨਹੀਂ ਲਈ ਗਈ ਸੀ। ਡੀਜੀਪੀ ਨੇ ਲਾਰੈਂਸ ਬਿਸ਼ਨੋਈ ਦੀਆਂ ਦੋ ਤਸਵੀਰਾਂ ਦਿਖਾਈਆਂ ਸਨ ਅਤੇ ਕਿਹਾ ਸੀ ਜਦੋਂ ਲਾਰੈਂਸ ਨੂੰ ਬਠਿੰਡਾ ਜੇਲ੍ਹ ਲਿਆਂਦਾ ਗਿਆ ਸੀ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਉਸ ਦੀ ਕੋਈ ਦਾੜ੍ਹੀ ਜਾਂ ਮੁੱਛ ਨਹੀਂ ਸੀ।
ਲਾਰੈਂਸ ਬਿਸ਼ਨੋਈ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ। ਇਸੇ ਲਈ ਉਸ ਦਾ ਕਤਲ ਕਰ ਦਿੱਤਾ। SIT ਦੀ ਰਿਪੋਰਟ ਅਨੁਸਾਰ ਇਹ ਉਹੀ ਇੰਟਰਵਿਊ ਹੈ ਜੋ ਉਸ ਨੇ CIA ਦੀ ਹਿਰਾਸਤ ਵਿੱਚੋਂ ਦਿੱਤੀ ਸੀ।
ਇੰਟਰਵਿਊ ਦੇ ਖਿਲਾਫ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਗੌਰਵ ਨੇ ਕਿਹਾ ਅੱਜ ਦੀ ਸੁਣਵਾਈ ਵਿੱਚ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਹਨ। ਜਿਸ ਨੇ ਇਹ ਇੰਟਰਵਿਊ ਕਰਵਾਈ ਸੀ। ਇਹ ਕਿਸੇ ਆਮ ਆਦਮੀ ਦਾ ਕੰਮ ਨਹੀਂ ਹੈ। ਹਾਲਾਂਕਿ ਸ਼ੁਰੂ ਤੋਂ ਹੀ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਫੈਸਲਾ ਕੀਤਾ ਹੈ ਕਿ ਜੋ ਵੀ ਇਸ ਮਾਮਲੇ ਵਿੱਚ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਸਿੱਧੀ ਕਾਰਵਾਈ ਕੀਤੀ ਜਾਵੇਗੀ। ਗੈਂਗਸਟਰ ਲਾਰੈਂਸ ਬਿਸ਼ਨੋਈ ਇਸ ਸਮੇਂ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਅਹਿਮਦਾਬਾਦ ਦੇ ਸਾਬਰਮਤੀ ਦੀ ਜੇਲ੍ਹ ਵਿੱਚ ਬੰਦ ਹੈ।