ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਸੁਖਬੀਰ ਬਾਦਲ ਦੇ ਲੀਡਰਸ਼ਿਪ ਤੋਂ ਅਸਤੀਫ਼ੇ ਸਬੰਧੀ ਫ਼ੈਸਲਾ ਲੈ ਸਕਦੀ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਜਨਵਰੀ ਦੇ ਪਹਿਲੇ ਹਫ਼ਤੇ ਬੁਲਾਈ ਜਾ ਸਕਦੀ ਹੈ। ਇਹ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਖੁਦ ਇੱਕ ਇੰਟਰਵਿਊ ਦੌਰਾਨ ਸਾਂਝੀ ਕੀਤੀ ਹੈ।
ਡਾਕਟਰ ਦਲਜੀਤ ਸਿੰਘ ਚੀਮਾ ਨੇ ਆਪਣੀ ਇੰਟਰਵਿਊ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਦਾ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਚਾਹੁੰਦੇ ਹਨ ਕਿ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਮੁੜ ਚੋਣਾਂ ਕਰਵਾਈਆਂ ਜਾਣ ਅਤੇ ਚੋਣ ਪ੍ਰਕਿਰਿਆ ਰਾਹੀਂ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਹੁਣ ਕੋਰ ਕਮੇਟੀ ਨੂੰ ਇਸ ਬਾਰੇ ਫੈਸਲਾ ਲੈ ਕੇ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ।
ਜਿਸ ਤੋਂ ਬਾਅਦ ਹੁਣ ਕਮੇਟੀ ਦੀ ਮੀਟਿੰਗ ਜਨਵਰੀ ਦੇ ਪਹਿਲੇ ਹਫ਼ਤੇ ਬੁਲਾਈ ਜਾ ਸਕਦੀ ਹੈ। ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ ਕਿ ਸੁਖਬੀਰ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਜਾਵੇ ਜਾਂ ਇਸ ਸਬੰਧੀ ਮੀਟਿੰਗ ਬੁਲਾਈ ਜਾਵੇ।
2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਦੌਰਾਨ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਸੀ ਕਿ ਤਿੰਨ ਦਿਨਾਂ ਦੇ ਅੰਦਰ ਅੰਦਰ ਅਕਾਲੀ ਦਲ ਕੋਰ ਕਮੇਟੀ ਮੈਂਬਰਾਂ ਦੇ ਸਾਰੇ ਅਸਤੀਫ਼ੇ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਜਾਵੇ। ਜਿਸ ‘ਤੇ ਅਕਾਲੀ ਦਲ ਨੇ ਸੁਖਬੀਰ ਬਾਦਲ ਸਮੇਤ ਕੋਰ ਕਮੇਟੀ ਮੈਂਬਰਾਂ ਤੋਂ ਸਜ਼ਾ ਪੂਰੀ ਹੋਣ ਤੱਕ ਦਾ ਸਮਾਂ ਮੰਗਿਆ ਸੀ। ਇਸ ਨੂੰ ਪ੍ਰਵਾਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਨੂੰ ਕੁਝ ਸਮਾਂ ਦਿੱਤਾ।