- ਨਸ਼ਿਆਂ ਖਿਲਾਫ ਜੰਗ ਨੂੰ ਜਮੀਨੀ ਪੱਧਰ ‘ਤੇ ਲਿਜਾਇਆ ਜਾਵੇਗਾ
- ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ
- ਹੁਣ ਤੱਕ 10000 ਨਸ਼ਾ ਤਸਕਰ ਫੜੇ ਗਏ ਹਨ ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਕੋਟ ਸੇਖੋਂ, ਕੋਟ ਪਨੈਚ ਅਤੇ ਬੀਜਾ ਵਿੱਚ ਜਾਗਰੂਕਤਾ ਸਮਾਗਮਾਂ ਵਿੱਚ ਕੀਤੀ ਸ਼ਿਰਕਤ
ਖੰਨਾ, ਲੁਧਿਆਣਾ 18 ਮਈ, 2025 : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਐਤਵਾਰ ਨੂੰ ਵਿਧਾਨ ਸਭਾ ਹਲਕਾ ਖੰਨਾ ਵਿੱਚ ਹਲਕਾ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਕੋਟ ਸੇਖੋਂ, ਕੋਟ ਪਨੈਚ ਅਤੇ ਬੀਜਾ ਵਿੱਚ ਜਾਗਰੂਕਤਾ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚੋਂ ਹੁਣ ਨਸ਼ਿਆਂ ਦਾ ਖਾਤਮਾ ਤੈਅ ਹੈ ਤੇ ਇਹ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡਾਂ ਵਿੱਚ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਆਮ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। ਉਨਾਂ ਨੇ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਪੰਜਾਬ ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ।
ਪੇਂਡੂ ਵਿਕਾਸ ਤੇ ਪੰਚਾਇਤ ਸੌਂਦ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਸੂਬਾ ਸਰਕਾਰ ਹਰ ਪਿੰਡ ਵਿੱਚ ਇੱਕ ਸਟੇਡੀਅਮ ਦਾ ਨਿਰਮਾਣ ਕਰੇਗੀ ਅਤੇ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਨੌਜਵਾਨਾਂ ਨੂੰ 54000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਦੈਂਤ ਨੂੰ ਨੱਥ ਪਾਈ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਜਲਦੀ ਹੀ ਇਸ ਦਾ ਖਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ ਅਤੇ ਕਸਬੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਕਰੇਗੀ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।
ਉਨ੍ਹਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਜੋ ਪਿੰਡ ਨਸ਼ਿਆਂ ਦਾ ਕੇਂਦਰ ਸਨ, ਉਹ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਹੁਣ ਨਸ਼ਾ ਮੁਕਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਨਸ਼ਾ ਤਸਕਰਾਂ ਨੂੰ ਸੂਬੇ ਵਿੱਚ ਪੁਸ਼ਤ-ਪਨਾਹੀ ਮਿਲਦੀ ਸੀ, ਜਦੋਂ ਕਿ ਹੁਣ 10,000 ਨਸ਼ਾ ਤਸਕਰ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।
ਕੈਬਨਿਟ ਮੰਤਰੀ ਸੌਂਦ ਵੱਲੋਂ ਇਹਨਾਂ ਜਾਗਰੂਕਤਾਂ ਸਮਾਗਮਾਂ ਦੌਰਾਨ ਪਿੰਡ ਕੋਟ ਸੇਖੋਂ, ਕੋਟ ਪਨੈਚ ਅਤੇ ਬੀਜਾ ਦੇ ਪੰਚ, ਸਰਪੰਚ, ਡਿਫੈਂਸ ਕਮੇਟੀਆਂ ਸਮੇਤ ਪਹੁੰਚੀਆਂ ਸ਼ਖਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨੂੰ ਪਿੰਡਾਂ, ਵਾਰਡਾਂ ਦਾ ਪਹਿਰੇਦਾਰ ਬਣਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਦਿਵਾਇਆ। ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਨਸ਼ਿਆਂ ਖਿਲਾਫ ਆਵਾਜ ਬੁਲੰਦ ਕੀਤੀ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਹਲਕਾ ਖੰਨਾ ਤੋਂ ਕੋਆਰਡੀਨੇਟਰ ਪਰਮਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦਿਹਾਤੀ ਸ੍ਰੀ ਅਵਤਾਰ ਸਿੰਘ, ਪੁਲਿਸ ਵਿਭਾਗ, ਪੰਚਾਇਤ ਵਿਭਾਗ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।