ਚੰਡੀਗੜ੍ਹ, 11 ਮਈ: ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ ਵਾਲੇ ਯਾਤਰੀਆਂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।
ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ ਜਿਸ ਨੂੰ ਤਾਰ-ਤਾਰ ਕਰਨ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਸਪੀਕਰ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਨਾਪਾਕ ਸਾਜ਼ਿਸ਼ ਦੇ ਘਾੜਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ।