ਪੰਜਾਬ ਵਿੱਚ ਵੱਡੇ ਕਤਲਾਂ ਦੀ ਗੁੱਥੀ ਸੁਲਝਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮੋਗਾ ਦੇ ਪਿੰਡ ਜ਼ਫਰਨਾਮਾ ਦੇ ਆਈਪੀਐਸ ਅਧਿਕਾਰੀ ਹਰਗੋਬਿੰਦਰ ਸਿੰਘ ਧਾਲੀਵਾਲ ਨੂੰ ਅੰਡੇਮਾਨ ਨਿਕੋਬਾਰ ਟਾਪੂ ਦਾ ਡੀਜੀਪੀ ਬਣਾਇਆ ਗਿਆ ਹੈ। ਧਾਲੀਵਾਲ ਨੇ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ ਹੈ।
ਹਰਗੋਬਿੰਦਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸਾਂ ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਹਰਗੋਬਿੰਦਰ ਸਿੰਘ ਧਾਲੀਵਾਲ ਨੇ 2022 ਵਿੱਚ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਮੂਸੇਵਾਲਾ ਦੇ ਕਤਲ ਤੋਂ ਬਾਅਦ ਧਾਲੀਵਾਲ ਦੀ ਅਗਵਾਈ ‘ਚ ਦਿੱਲੀ ਪੁਲਸ ਦੀ ਵਿਸ਼ੇਸ਼ ਟੀਮ ਬਣਾਈ ਗਈ ਸੀ। ਇਸ ਮਾਮਲੇ ‘ਚ ਮੂਸੇਵਾਲਾ ਨੂੰ ਮਾਰਨ ਵਾਲੇ 6 ਸ਼ੂਟਰਾਂ ‘ਚੋਂ ਤਿੰਨ ਦੋਸ਼ੀਆਂ ਪ੍ਰਿਅਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਨੂੰ ਟਰੈਕ ਕਰਨ ਅਤੇ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਗਈ। ਦਿੱਲੀ ਪੁਲਿਸ ਨੇ ਨੇਪਾਲ ਸਰਹੱਦ ਨੇੜੇ ਚੌਥੇ ਸ਼ੂਟਰ ਦੀਪਕ ਮੁੰਡੀ ਨੂੰ ਫੜਨ ਵਿੱਚ ਵੀ ਯੋਗਦਾਨ ਪਾਇਆ। ਉਸ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।