ਚੰਡੀਗੜ੍ਹ, 20 ਸਤੰਬਰ : ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਹੁਣ ਹਰਿਆਣਾ ਵਿੱਚ ਚੋਣ ਮੈਦਾਨ ਵਿੱਚ ਉਤਰਨਗੇ। ਕੇਜਰੀਵਾਲ ਅੱਜ ਯਾਨੀ 20 ਸਤੰਬਰ ਨੂੰ ਹਰਿਆਣਾ ਦੇ ਯਮੁਨਾਨਗਰ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਨੀਤਾ ਕੇਜਰੀਵਾਲ ਵੱਲੋਂ ਸੂਬੇ ਵਿੱਚ ਪ੍ਰੋਗਰਾਮ ਕੀਤੇ ਜਾ ਚੁੱਕੇ ਹਨ। ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ‘ਆਪ’ ਨੇ ਹੁਣ ਹਰਿਆਣਾ ‘ਚ ਕੇਜਰੀਵਾਲ ਦੇ ਪ੍ਰੋਗਰਾਮਾਂ ਨੂੰ ਲੈ ਕੇ ਵੱਡੀਆਂ ਯੋਜਨਾਵਾਂ ਬਣਾਈਆਂ ਹਨ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਡਾਕਟਰ ਸੰਦੀਪ ਪਾਠਕ ਨੇ ਪਾਰਟੀ ਹੈੱਡਕੁਆਰਟਰ ਵਿਖੇ ਇਹ ਐਲਾਨ ਕੀਤਾ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਹਰਿਆਣਾ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ।
ਅਰਵਿੰਦ ਕੇਜਰੀਵਾਲ ਅੱਜ ਯਮੁਨਾਨਗਰ ਦੀ ਜਗਾਧਰੀ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਰੋਡ ਸ਼ੋਅ ਕਰਨਗੇ। ਜਗਾਧਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਡੱਬਵਾਲੀ, ਰਾਣੀਆ, ਭਿਵਾਨੀ, ਮਹਿਮ, ਪੁੰਦਰੀ, ਕਲਾਇਤ, ਰੇਵਾੜੀ, ਦਾਦਰੀ, ਅਸੰਧ, ਬੱਲਭਗੜ੍ਹ ਅਤੇ ਬਦਰਾ ਵਿੱਚ ਵੀ ਚੋਣ ਪ੍ਰਚਾਰ ਕਰਨਗੇ। ਦਸ ਦੇਈਏ ਹਰਿਆਣਾ ਵਿੱਚ ਪਿਛਲੇ 10 ਸਾਲਾਂ ਤੋਂ ਭਾਜਪਾ ਦੀ ਸਰਕਾਰ ਚੱਲ ਰਹੀ ਹੈ।