ਪੰਜਾਬ-ਹਰਿਆਣਾ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨਐਚਪੀਸੀ) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀਜੀਐਮ) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਸਥਾਈ ਤੌਰ ‘ਤੇ ਜ਼ਬਤ ਕਰ ਲਈ ਹੈ।
ਜ਼ਬਤ ਕੀਤੀਆਂ ਜਾਇਦਾਦਾਂ ਹਰਿਆਣਾ ਦੇ ਫਰੀਦਾਬਾਦ ਅਤੇ ਪੰਜਾਬ ਦੇ ਲੁਧਿਆਣਾ ਵਿੱਚ ਹਨ, ਜੋ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਜੁੜੀਆਂ ਹੋਈਆਂ ਹਨ। ਕੇਂਦਰੀ ਏਜੰਸੀ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਸੀਬੀਆਈ ਵੱਲੋਂ ਦਰਜ ਐਫਆਈਆਰ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਤੋਂ ਪਤਾ ਲੱਗਾ ਹੈ ਕਿ ਪੁਰੀ ਨੇ NHPC ਵਿੱਚ CGM (ਵਿੱਤ) ਦੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਵਿੱਚ ਸ਼ਾਮਲ ਹੋਣ ਲਈ ਕਥਿਤ ਤੌਰ ‘ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਆਮਦਨੀ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਈਡੀ ਅਧਿਕਾਰੀ ਨੇ ਕਿਹਾ “ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਦੀਆਂ ਫਰੀਦਾਬਾਦ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਸਥਿਤ 47 ਲੱਖ ਰੁਪਏ ਮੁੱਲ ਦੀਆਂ ਕੁੱਲ ਚਾਰ ਅਚੱਲ ਜਾਇਦਾਦਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਪ੍ਰਬੰਧਾਂ ਦੇ ਤਹਿਤ ਅਸਥਾਈ ਤੌਰ ‘ਤੇ ਕੁਰਕ ਕੀਤਾ ਗਿਆ ਹੈ”।