ਲੁਧਿਆਣਾ, 22 ਅਪ੍ਰੈਲ – ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਿੰਡ ਮਿਓਂਵਾਲ, ਕਡਿਆਣਾ ਕਲਾਂ ਅਤੇ ਵਲੀਪੁਰ ਦੇ ਸਰਕਾਰੀ ਸਕੂਲਾਂ ਵਿੱਚ ਸ਼ਿਕਰਤ ਕਰਦਿਆਂ ਰਸਮੀ ਉਦਘਾਟਨ ਕੀਤੇ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲਾਂ ਦਾ ਵੱਡੇ ਪੱਧਰ ‘ਤੇ ਕਾਇਆ-ਕਲਪ ਕਰਵਾਇਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਹਾਣੀ ਬਣ ਸਕਣ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਨਾਲ-ਨਾਲ ਪੰਜਾਬ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਅੱਜ ਉਨ੍ਹਾਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਵਲੀਪੁਰ ਵਿਖੇ ਸਕੂਲ ਦੀ ਚਾਰਦਿਵਾਰੀ ਦਾ ਉਦਘਾਟਨ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਮਿਓਂਵਾਲ ਵਿਖੇ ਸਕੂਲ ਦੀ ਚਾਰਦਿਵਾਰੀ ਤੇ ਕਲਾਸ ਰੂਮ ਦਾ ਨਿਰਮਾਣ ਕਰਵਾਇਆ ਗਿਆ। ਇਸ ਤੋਂ ਇਲਾਵਾ ਸਰਕਾਰੀ ਸੈਕੰਡਰੀ ਸਕੂਲ, ਪਿੰਡ ਕਡਿਆਣਾ ਕਲਾਂ ਵਿਖੇ ਸਾਇੰਸ ਲੈਬ ਅਤੇ ਕਾਮਰਸ ਲੈਬ ਲੋਕ ਅਰਪਿਤ ਕੀਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਆਰੰਭ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨੀ ਗੰਭੀਰ ਹੈ।
ਜ਼ਿਕਰਯੋਗ ਹੈ ਕਿ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰੱਚਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵੱਖ-ਵੱਖ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਪਸਾਰ ਸਬੰਧੀ ਉਦਘਾਟਨੀ ਸਮਾਰੋਹ ਆਯੋਜਿਤ ਕੀਤੇ ਜਾ ਰਹੇ ਹਨ।