ਸੁਪਰੀਮ ਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ ਤੇ ਨਾਲ ਹੀ 6 ਮਹੀਨਿਆਂ ਵਿਚ ਮੁੜ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਲ 2022 ਵਿਚ ਪੰਜਾਬ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਨੇ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ ਪਰ ਪਿਛਲੇ ਸਾਲ 2024 ਵਿਚ ਹਾਈ ਕੋਰਟ ਦੇ ਡਬਲ ਬੈਂਚ ਨੇ ਸਿੰਗਲ ਬੈਂਚ ਦੇ ਇਸ ਫੈਸਲੇ ਨੂੰ ਰੱਦ ਕਰਦੇ ਹੋਏ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਸੀ।
ਹਾਈਕੋਰਟ ਦੇ ਇਸ ਫੈਸਲੇ ਖਿਲਾਫ ਕਈ ਬਿਨੈਕਾਰਾਂ ਨੇ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਦਿੱਤੇ ਆਦੇਸ਼ਾਂ ਨੂੰ ਗਲਤ ਦੱਸਿਆ। ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ 6 ਮਹੀਨਿਆਂ ਵਿਚ UGC ਦੇ ਨਿਯਮਾਂ ਮੁਤਾਬਕ ਦੁਬਾਰਾ ਭਰਤੀ ਕੀਤੀ ਜਾਵੇ।
ਦੱਸ ਦੇਈਏ ਕਿ ਇਸ ਭਰਤੀ ਖਿਲਾਫ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਸ ਵਿਚ ਇਸ ਨਿਯਮ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤਹਿਤ ਸਰਕਾਰੀ ਕਾਲਜਾਂ ਵਿਚ ਪਾਰਟ ਟਾਈਮ ਗੈਸਟ ਫੈਕਲਟੀ ਅਤੇ ਕੰਟ੍ਰੈਕਟ ‘ਤੇ ਕੰਮ ਕਰਨ ਵਾਲੇ ਬਿਨੈਕਾਰਾਂ ਨੂੰ ਹੀ ਪੰਜ ਅੰਕ ਵਾਧੂ ਦੇਣ ਦਾ ਫੈਸਲਾ ਕੀਤਾ ਗਿਆ ਸੀ ਪਰ ਸਰਕਾਰੀ ਗ੍ਰਾਂਟਾਂ ਨਾਲ ਚੱਲ ਰਹੇ ਕਾਲਜਾਂ ਵਿਚ ਪਾਰਟ ਟਾਈਮ ਗੈਸਟ ਫੈਕਲਟੀ ਅਤੇ ਕੰਟ੍ਰੈਕਟ ‘ਤੇ ਕੰਮ ਕਰਨ ਵਾਲਿਆਂ ਨੂੰ ਨਹੀਂ।