ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ। (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ। ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ॥੧॥





